ਚੰਡੀਗੜ੍ਹ,
ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰੌਂਅ ਨੂੰ ਭਾਂਪਦੇ ਹੋਏ ਗ੍ਰਾਮ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਸੰਸਥਾਵਾਂ ਭੰਗ ਕਰਨ ਲਈ 10 ਅਗਸਤ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਚਾਇਤੀ ਪ੍ਰਤੀਨਿਧਾਂ ਨੇ ਇਸ ਫੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਅਦਾਲਤੀ ਪ੍ਰਕਿਰਿਆ ਸ਼ੁਰੂ ਹੋਣ ਦੇ ਦੋ ਹਫ਼ਤੇ ਮਗਰੋਂ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਆਪਣੇ ਫ਼ੈਸਲੇ ਤੋਂ ਪੈਰ ਪਿਛਾਂਹ ਖਿੱਚ ਲਏ ਹਨ। ਐਡਵੋਕੇਟ ਜਨਰਲ ਵਿਨੋਦ ਘਈ ਨੇ ਅੱਜ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਅੱਗੇ ਪੇਸ਼ ਹੋ ਕੇ ਸੂਬਾ ਸਰਕਾਰ ਦੇ ਇਸ ਫ਼ੈਸਲੇ ਤੋਂ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਭੰਗ ਕੀਤੇ ਜਾਣ ਵਾਲੇ ਨੋਟੀਫ਼ਿਕੇਸ਼ਨ ਨੂੰ ਦੋ ਦਿਨਾਂ ਵਿਚ ਵਾਪਸ ਲੈ ਲਿਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਹੁਣ ਇੱਕ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਕੇ 10 ਅਗਸਤ ਵਾਲੇ ਨੋਟੀਫ਼ਿਕੇਸ਼ਨ ਨੂੰ ਵਾਪਸ ਲੈ ਲਵੇਗਾ। ਚੀਫ਼ ਜਸਟਿਸ ਦੀ ਅਗਵਾਈ ਵਾਲਾ ਡਿਵੀਜ਼ਨ ਬੈਂਚ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਪੰਚਾਇਤਾਂ ਭੰਗ ਕੀਤੇ ਜਾਣ ਵਾਲੇ ਠੋਸ ਆਧਾਰ ਦਾ ਵੇਰਵਾ ਮੰਗਿਆ ਸੀ, ਪਰ ਸੂਬਾ ਸਰਕਾਰ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕੀ। ਅਦਾਲਤ ਨੇ ਪਿਛਲੇ ਦਿਨੀਂ ਇਸ ਮਾਮਲੇ ’ਤੇ ਸਰਕਾਰ ਦੀ ਝਾੜ-ਝੰਬ ਵੀ ਕੀਤੀ ਸੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਸੀਨੀਅਰ ਐਡਵੋਕੇਟ ਦੀਆਂ ਸੇਵਾਵਾਂ ਵੀ ਲਈਆਂ ਸਨ, ਪਰ ਸਰਕਾਰ ਨੇ ਅਦਾਲਤੀ ਰੌਂਅ ਦੇ ਮੱਦੇਨਜ਼ਰ 10 ਅਗਸਤ ਨੂੰ ਜਾਰੀ ਨੋਟੀਫ਼ਿਕੇਸ਼ਨ ਵਾਪਸ ਲੈਣ ਵਿਚ ਹੀ ਭਲਾ ਸਮਝਿਆ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ 28 ਅਗਸਤ ਨੂੰ ਹਾਈਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਸੀ ਕਿ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਲਈ ਸੰਵਿਧਾਨਕ ਵਿਵਸਥਾ ਅਨੁਸਾਰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਕੋਲ ਪੰਚਾਇਤੀ ਰਾਜ ਐਕਟ 1994 ਦੀ ਧਾਰਾ 209 ਅਧੀਨ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਉਣ ਦੇ ਆਦੇਸ਼ ਦੇਣ ਦਾ ਅਧਿਕਾਰ ਹੈ। ਚੇਤੇ ਰਹੇ ਕਿ ਪੰਚਾਇਤ ਵਿਭਾਗ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 25 ਨਵੰਬਰ ਤੱਕ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਾਉਣ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ। ਉਧਰ ਸਰਕਾਰੀ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰਾਂ ਦੀ ਦਲੀਲ ਨੇ ਸਰਕਾਰੀ ਪੱਖ ਨੂੰ ਖ਼ਾਰਜ ਕੀਤਾ ਕਿ ਪੰਚਾਇਤਾਂ ਨੂੰ ਪੰਜ ਸਾਲ ਦੇ ਕਾਰਜਕਾਲ ਤੋਂ ਪਹਿਲਾਂ ਭੰਗ ਕਰਨਾ ਗ਼ੈਰਕਾਨੂੰਨੀ ਹੈ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ’ਤੇ ਲਏ ਯੂ-ਟਰਨ ਨੇ ਵਿਰੋਧੀ ਧਿਰਾਂ ਨੂੰ ਇੱਕ ਵੱਡਾ ਮੌਕਾ ਦੇ ਦਿੱਤਾ ਹੈ ਕਿਉਂਕਿ ਕਾਂਗਰਸ ਵੱਲੋਂ ਇਸ ਸਰਕਾਰੀ ਫ਼ੈਸਲੇ ਨੂੰ ਲੈ ਕੇ ਧਰਨੇ ਮੁਜ਼ਾਹਰੇ ਵੀ ਕੀਤੇ ਗਏ ਸਨ। ਪੰਜਾਬ ਵਿਚ ਇਸ ਵੇਲੇ ਬਹੁਗਿਣਤੀ ਗ੍ਰਾਮ ਪੰਚਾਇਤਾਂ ’ਤੇ ਕਾਂਗਰਸੀ ਸਰਪੰਚ ਕਾਬਜ਼ ਹਨ।