ਮੋਗਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋ ਉਦਯੋਗਾਂ ਨੂੰ ਬਿਜਲੀ ’ਤੇ ਪੰਜ ਰੁਪਏ ਪ੍ਰਤੀ ਯੂੁਨਿਟ ਛੋਟ ਦੇ ਕੇ ਸਨਅਤਾਂ ਨੂੰ ਉਤਸ਼ਾਹਤ ਕੀਤਾ ਗਿਆ ਹੈ ਤੇ ‘ਘਰ ਘਰ ਨੌਕਰੀ’ ਦੇ ਵਾਅਦੇ ਤਹਿਤ ਹੁਣ ਤੱਕ 30 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸੇ ਤਰ੍ਹਾਂ ਹਰ ਸਾਲ ਰੁਜ਼ਗਾਰ ਮੇਲੇ ਲਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਫ਼ਰਵਰੀ 2018 ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇਣ ਲਈ ‘ਵਿਸ਼ਾਲ ਰੁਜ਼ਗਾਰ ਮੇਲਾ’ ਲਾਇਆ ਜਾਵੇਗਾ ਅਤੇ ਹੁਨਰ ਵਿਕਾਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿਵਾ ਕੇ ਨੌਕਰੀ ਦਿੱਤੀ ਜਾਵੇਗੀ। ਸੂਬੇ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਫਰਜ਼ੀ ਦਾਖ਼ਲਿਆਂ ਨੂੰ ਠੱਲ੍ਹ ਪਾਉਣ ਲਈ ਛੇਤੀ ਹੀ ਬਾਇਓ-ਮੀਟ੍ਰਿਕ ਹਾਜ਼ਰੀ ਸਿਸਟਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇੱਥੇ ਆਈਐਸਐੱਫ ਕਾਲਜ ਆਫ਼ ਫਾਰਮੇਸੀ ਵਿੱਚ ਕਰਵਾਈ ਦੋ ਰੋਜ਼ਾ ਆਈਪੀਜੀਏ ਕੌਮੀ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਸ੍ਰੀ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਵਪਾਰੀਕਰਨ ਰੋਕਣ ਅਤੇ ਵਿਦਿਆਰਥੀਆਂ ਨੂੰ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਕਨਵੈਨਸ਼ਨ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਿਦਿਆਰਥੀਆਂ ਨੂੰ ਖੋਜ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਹੋਰ ਨਿਖਾਰਨ ਦਾ ਸੱਦਾ ਦਿੱਤਾ।
ਇਸ ਮੌਕੇ ਉਨ੍ਹਾਂ ‘ਨੈਨੋ ਕਰੀਅਰ ਸਿਸਟਮ’ ਨਾਂ ਦੀ ਇੱਕ ਕਿਤਾਬ ਰਿਲੀਜ਼ ਕੀਤੀ ਗਈ। ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸਰਕਾਰੀ ਵਿਦਿਅਕ ਸੰਸਥਾਵਾਂ ਦੇ ਨਾਲ-ਨਾਲ ਪ੍ਰਾਈਵੇਟ ਸੰਸਥਾਵਾਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ।