ਨਵੀਂ ਦਿੱਲੀ, 4 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਤਰ ਮੰਤਰ ’ਤੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਪੰਜਾਬ ਲਈ ਮਾਲ ਤੇ ਯਾਤਰੀ ਗੱਡੀਆਂ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰੇਲ ਗੱਡੀਆਂ ਦੀ ਸੁਰੱਖਿਆ ਲਈ ਆਰਪੀਐਫ ਨਾਲ ਪੰਜਾਬ ਪੁਲੀਸ ਤਾਇਨਾਤ ਕਰਨ ਲਈ ਤਿਆਰ ਹੈ। ਉਨ੍ਹਾਂ ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਯਾਦ ਕਰਵਾਉਂਦਿਆਂ ਕਿਹਾ ਕਿ ਇਸ ਸਰਹੱਦੀ ਖੇਤਰ ਦੇ ਛੋਟੇ ਕਿਸਾਨਾਂ ਲਈ ਬਣੇ ਰਵਾਇਤੀ ਕਿਸਾਨ ਆੜ੍ਹਤੀਆ ਸਿਸਟਮ ਨੂੰ ਨਾ ਤੋੜਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਸਰਕਾਰ ਦੇ ਮੰਤਰੀਆਂ ਵੱਲੋਂ ਰਾਬਤਾ ਜਾਰੀ ਹੈ ਤੇ ਕਿਸਾਨਾਂ ਨੇ ਦੋ ਕਾਰਪੋਰੇਟ ਘਰਾਣਿਆਂ ਦੇ ਥਰਮਲ ਪਲਾਂਟਾਂ ਨੂੰ ਜਾਂਦੇ ਰੇਲ ਮਾਰਗ ਹੀ ਬੰਦ ਕੀਤੇ ਹੋਏ ਹਨ। ਉਨ੍ਹਾਂ ਕੇਂਦਰ ਤੋਂ ਜੀਐਸਟੀ ਦੀ ਅਦਾਇਗੀ ਦੀ ਵੀ ਮੰਗ ਕੀਤੀ। ਬਾਰਦਾਨੇ ਦੀ ਕਮੀ ਕਾਰਨ ਝੋਨਾ ਚੁੱਕਣ ਵਿੱਚ ਪ੍ਰੇਸ਼ਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਪਹਿਲਾਂ ਪਿਆ ਝੋਨਾ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਈਡੀ ਵੱਲੋਂ ਭੇਜੇ ਨੋਟਿਸਾਂ ਦੇ ਸਮੇਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿੰਦਿਆ ਤੇ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਦਾ ਅਹਿਦ ਲਿਆ।