ਚੰਡੀਗੜ੍ਹ, 13 ਫਰਵਰੀ: ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫੈਸਾਲਾ ਕੀਤਾ ਹੈ।ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ/ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਖਲਾਈ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਸਰਕਾਰ ਵਲੋਂ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ।

ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਉਨ੍ਹਾਂ ਦੱਸਿਆ ਕਿ 14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ “ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ” ਦਾ ਉਦਘਾਟਨੀ ਸਮਾਰੋਹ ਹੋਵੇਗਾ। ਜਿਸ ਵਿੱਚ ਡਾ. ਸੁਰਜੀਤ ਪਾਤਰ ਅਤੇ ਡਾ. ਵਰਿਆਮ ਸਿੰਘ ਸੰਧੂ ਦੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਨੌਤੀਆਂ ਅਤੇ ਹੱਲ ਸਬੰਧੀ ਭਾਸ਼ਣ ਕਰਵਾਏ ਜਾਣਗੇ। ਉਸ ਉਪਰੰਤ ਪੰਜਾਬੀ ਸਭਿਆਚਾਰ ਨਾਲ ਸਬੰਧਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਅਤੇ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ 11 ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਅਤੇ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਸ਼ਾਮਿਲ ਹੋਣਗੇ।

ਇਸ ਤੋਂ ਅਗਲੇ ਦਿਨ 15 ਫਰਵਰੀ ਨੂੰ ਪੰਜਾਬ ਆਰਟ ਕੌਂਸਲ, ਸੈਕਟਰ -16, ਚੰਡੀਗੜ੍ਹ ਵਿਖੇ ਪੰਜਾਬੀ ਕਵੀ ਦਰਬਾਰ ਅਤੇ ਗੀਤ/ਗਜ਼ਲਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਉਪਰੰਤ ਨਾਮਵਰ ਕਵੀਆਂ ਦਾ ਸਨਮਾਨ ਕੀਤਾ ਜਾਵੇਗਾ।17 ਫਰਵਰੀ, 2020 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੱਕ ਅੰਤਰ ਰਾਸ਼ਟਰੀ ਪੱਧਰ ਦਾ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਅਤੇ ਵਿਚਾਰ ਚਰਚਾ ਹੋਵੇਗੀ। ਇਸ ਉਪਰੰਤ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।

ਇਸੇ ਲੜੀ ਦੇ ਤਹਿਤ ਮਿਤੀ 18 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੈਂਪਸ (ਕਲਾ ਭਵਨ) ਵਿੱਚ ਵੱਖ-ਵੱਖ 4 ਯੂਨੀਵਰਸਿਟੀਆਂ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੇ ਇਨਾਮ ਜੇਤੂ ਟੀਮਾਂ ਦਾ ਨਾਟਕ ਮੁਕਾਬਲਾ ਕਰਵਾਇਆ ਜਾਵੇਗਾ। ਇਸ ਉਪਰੰਤ ‘ਪੰਜਾਬ ਸੰਗੀਤ ਅਤੇ ਨਾਟਕ ਅਕਾਦਮੀ’ ਵੱਲੋਂ ‘ਲੂਣਾ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ।

19 ਫਰਵਰੀ, 2020 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਪੰਜਾਬ ਨਾਲ ਸਬੰਧਤ ਲੋਕ ਨਾਚ/ਲੋਕ ਗੀਤ ਪੇਸ਼ ਕੀਤੇ ਜਾਣਗੇ। ਜਿਸ ਤਹਿਤ ਭੰਗੜੇ ਅਤੇ ਗਿੱਧੇ ਦੀਆਂ ਟੀਮਾਂ ਦਾ ਮੁਕਾਬਲਾ ਕਰਵਾਇਆ ਜਾਵੇਗਾ। ਇਸ ਉਪਰੰਤ ਬਾਅਦ ਦੁਪਹਿਰ 4 ਵਜੇ ਡਾ. ਸਤਿੰਦਰ ਸਰਤਾਜ ਵਲੋਂ ਸੱਭਿਆਚਾਰਕ ਗੀਤਾਂ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਇਸ ਉਤਸਵ ਦੇ ਆਖਰੀ ਦਿਨ 21 ਫਰਵਰੀ, 2020 ਨੂੰ ਪੰਜਾਬ ਆਰਟ ਕੌਂਸਲ ਵੱਲੋਂ ਪੰਜਾਬ ਸਹਿਤ ਅਕਾਦਮੀ ਲੁਧਿਆਣਾ ਅਤੇ ਪੰਜਾਬ ਆਰਟ ਕੌਂਸਲ ਚੰਡੀਗੜ੍ਹ ਵਿਖੇ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਵਖਰੇ ਤੌਰ ਤੇ ਪ੍ਰੋਗਰਾਮ (ਪੰਜਾਬੀ ਗੀਤ/ਬਾਲ ਗੀਤਾਂ ਦਾ ਗਾਇਣ ਆਦਿ ) ਆਯੋਜਿਤ ਕੀਤੇ ਜਾਣਗੇ।

ਇਨਾਂ ਪ੍ਰੋਗਰਾਮਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖੋਜ ਪਰਚੇ ਪੜ੍ਹੇ ਜਾਣਗੇ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ।

ਇਸ ਮੀਟਿੰਗ ਵਿਚ ਪੰਜਾਬੀ ਬੋਲੀ ਨੂੰ ਸਮਰਪਿਤ 16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਬਾਰੇ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ ਜਿਸ ਦੇ ਤਹਿਤ ਇਸ 2 ਦਿਨਾਂ ਦੇ ‘ਅੰਤਰ-ਰਾਸ਼ਟਰੀ ਪੰਜਾਬੀ ਫਿਲਮ ਮੇਲੇ ਦੌਰਾਨ ਪੰਜਾਬੀ ਨਾਲ ਸਬੰਧਤ ਕੁਝ ਉਘੀਆਂ ਫਿਲਮਾਂ ਦਿਖਾਈਆਂ ਜਾਣਗੀਆਂ ਅਤੇ ਇਹਨਾਂ ਫਿਲਮਾਂ ਨਾਲ ਸਬੰਧਤ ਪ੍ਰੋਡਿਉਸਰ/ਡਾਇਰੈਕਟਰ/ਕਲਾਕਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦਘਾਟਨ 16 ਮਾਰਚ ਨੂੰ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਕਰਨਗੇ।17 ਮਾਰਚ, 2020 ਨੂੰ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀ ਫਿਲਮ ਉਦਯੋਗ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕਰਨਗੇ।