ਅੰਮ੍ਰਿਤਸਰ, 6 ਦਸੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਰ ਸ਼ਾਮ ਇੱਥੇ ਲੰਡਨ ਦੇ ਮੇਅਰ ਸਾਦਿਕ ਖਾਨ ਨਾਲ ਮੁਲਾਕਾਤ ਕੀਤੀ ਹੈ। ਮੇਅਰ ਸਾਦਿਕ ਖਾਨ ਦੋ ਰੋਜ਼ਾ ਅੰਮ੍ਰਿਤਸਰ ਦੌਰੇ ’ਤੇ ਪੁੱਜੇ ਹਨ। ਉਨ੍ਹਾਂ ਨੂੰ ਅੱਜ ਸ਼ਾਮ ਪੰਜਾਬ ਸਰਕਾਰ ਵੱਲੋਂ ਰਾਤਰੀ ਭੋਜ ਦਿੱਤਾ ਗਿਆ ਹੈ। ਇਸ ਰਾਤਰੀ ਭੋਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਨਾਲ ਸਬੰਧਤ ਕਾਂਗਰਸੀ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਲੰਡਨ ਦੇ ਮੇਅਰ ਅਤੇ ਉਨ੍ਹਾਂ ਨਾਲ ਆਏ ਵਫਦ ਦਾ ਸਵਾਗਤ ਕੀਤਾ। ਦੋਵਾਂ ਆਗੂਆਂ ਵਿਚਾਲੇ ਗੈਰ-ਰਸਮੀ ਗੱਲਬਾਤ ਹੋਈ। ਮੇਅਰ ਸਾਦਿਕ ਖਾਨ ਭਲਕੇ 6 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ ਅਤੇ ਮਗਰੋਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਅਤੇ ਮੇਅਰ ਸਾਦਿਕ ਵਿਚਾਲੇ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨਗਰ ਨਿਗਮਾਂ ਦੀ ਕਾਰਗੁਜ਼ਾਰੀ ਨੂੰ ਬੇਹਤਰ ਬਣਾਉਣ ਬਾਰੇ ਤਜਰਬੇ ਸਾਂਝੇ ਕੀਤੇ ਹਨ।