ਸ੍ਰੀ ਆਨੰਦਪੁਰ ਸਾਹਿਬ, 21 ਦਸੰਬਰ
ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸੱਦਾ ਪੱਤਰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅੱਜ ਖ਼ੁਦ ਇੱਥੇ ਪੁੱਜੇ।
ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਰਾਣਾ ਕੇ.ਪੀ. ਸਿੰਘ ਦੀ ਮੁਲਾਕਾਤ ਭਾਵੇਂ ਦੋਵਾਂ ਸ਼ਖ਼ਸੀਅਤਾਂ ਨਾਲ ਨਹੀਂ ਹੋ ਸਕੀ, ਪਰ ਮੈਨੇਜਰ ਰਣਜੀਤ ਸਿੰਘ ਨੇ ਦੋਵਾਂ ਆਗੂਆਂ ਨਾਲ ਫੋਨ ’ਤੇ ਗੱਲ ਕਰਵਾ ਦਿੱਤੀ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਸ ਹਲਕੇ ਦਾ ‘ਮੁੱਖ ਸੇਵਾਦਾਰ’ ਹੋਣ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਲੈ ਕੇ ਆਏ ਹਨ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਮੈਨੇਜਰ ਰਣਜੀਤ ਸਿੰਘ ਨੇ ਰਾਣਾ ਕੇ.ਪੀ. ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਸਮਾਗਮ ਵਿੱਚ ਸ਼ਾਮਲ ਹੋਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਵੀ ਦੇਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਲਈ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।