ਚੰਡੀਗੜ੍ਹ : ਪੰਜਾਬ ਨੂੰ ਮਨਪਸੰਦ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪਿਛਲੇ ਦਿਨੀਂ ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।

ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ ‘ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ। ਜਿਸ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਮੁੱਖ ਮੰਤਰੀ ਦੀ ਫੇਰੀ ਤੋਂ ਬਾਅਦ ਇੱਥੇ ਅਚਾਨਕ ਵਿਜ਼ੀਟਰਸ ਦੀ ਗਿਣਤੀ ਵਧਣ ਲੱਗੀ ਹੈ।

ਸਰਕਾਰ ਵੱਲੋਂ ਟੂਰਿਜ਼ਮ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ। ਛੇਤੀ ਹੀ ਫਿਰੋਜ਼ਪੁਰ ਦੇ ਸੈਲਾਨੀ ਸਥੱਲ ਪੰਜਾਬ ਟੂਰਿਜ਼ਮ ਦਾ ਨਾਂ ਵਰਲਡ ਟੂਰਿਜ਼ਮ ਦੇ ਨਕਸ਼ੇ ’ਤੇ ਚਮਕਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ।

ਇਸ ਦੌਰਾਨ ਕਿਲ੍ਹਾ ਮੁਬਾਰਕ ਵਿੱਚ ਬਣੇ ਪੰਜਾਬ ਦੇ ਪਹਿਲੇ ਬੁਟੀਕ ਹੋਟਲ ਦੀ ਅਜ਼ਮਾਇਸ਼ ਵੀ ਸ਼ੁਰੂ ਹੋ ਗਈ ਹੈ। ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਸ਼ਾਹੀ ਸ਼ਹਿਰ ਦੇ ਦੌਰੇ ਦੌਰਾਨ ਹੋਟਲ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮੋਡ ‘ਤੇ ਬਣਾਇਆ ਗਿਆ ਇਹ ਹੋਟਲ ਆਰਾਮ, ਪ੍ਰਾਹੁਣਚਾਰੀ ਅਤੇ ਸੁੰਦਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਡੈਸਟੀਨੇਸ਼ਨ ਵੈਡਿੰਗਜ਼ ਅਤੇ ਹੋਰ ਸਮਾਗਮਾਂ ਲਈ ਪਸੰਦੀਦਾ ਸਥਾਨ ਹੋਵੇਗਾ।

ਇਹੀ ਨਹੀਂ ਦੇਸ਼ ਭਰ ਵਿੱਚ ਪੰਜਾਬ ਤੇਜ਼ੀ ਨਾਲ ‘ਫਾਰਮ ਟੂਰਿਜ਼ਮ ਹੱਬ’ ਵਜੋਂ ਵੀ ਉੱਭਰ ਰਿਹਾ ਹੈ ਅਤੇ ਸੂਬੇ ਦੀ ਫਾਰਮ ਟੂਰਿਜ਼ਮ ਨੀਤੀ ਸੂਬੇ ਵਿੱਚ ਸੈਰ ਸਪਾਟੇ ਨੂੰ ਨਵਾਂ ਰੂਪ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਫਾਰਮ, ਰੂਰਲ ਅਤੇ ਐਗਰੋ ਟੂਰਿਜ਼ਮ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹੰਸਾਲੀ ਨੂੰ ਇਸ ਸਾਲ ਸਤੰਬਰ ਵਿੱਚ ਭਾਰਤ ਦੇ ਸਰਬੋਤਮ ਪਿੰਡ ਦਾ ਖਿਤਾਬ ਮਿਲਿਆ ਹੈ। ਖੇਤੀ ਸੈਰ ਸਪਾਟਾ ਜਿੱਥੇ ਸਥਾਨਕ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਲਾਹੇਵੰਦ ਸਾਬਤ ਹੋ ਰਿਹਾ ਹੈ, ਉੱਥੇ ਹੀ ਸੈਰ ਸਪਾਟੇ ਦੇ ਨਵੇਂ ਮੌਕੇ ਵੀ ਪੈਦਾ ਹੋ ਰਹੇ ਹਨ।

ਸੂਬੇ ਵਿੱਚ ਸੈਰ ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਾਟਰ ਐਂਡ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਵੀ ਲਾਗੂ ਕੀਤੀ ਹੈ, ਜਿਸ ਦਾ ਉਦੇਸ਼ ਰਿਵਰ ਰਾਫਟਿੰਗ, ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ ਆਧਾਰਿਤ ਸੈਰ-ਸਪਾਟਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ। ਹੁਸ਼ਿਆਰਪੁਰ ਦੇ ਤਲਵਾੜਾ ਵਿਚ ਬਣਾਈ ਮਹਾਰਾਣਾ ਪ੍ਰਤਾਪ ਝੀਲ ਅੱਜਕਲ ਸੈਲਾਨੀਆਂ ਲਈ ਗੋਆ ਬਣਿਆ ਹੋਇਆ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੈਲਾਨੀਆਂ ਨੂੰ ਹੱਲਾਸ਼ੇਰੀ ਦੇਣ ਲਈ ਇਕ ਵੱਡਾ ਉਪਰਾਲਾ ਕੀਤਾ ਗਿਆ ਹੈ।

ਪੰਜਾਬ ਦੇ ਸੈਲਾਨੀਆਂ ਨੂੰ ਹੁਣ ਹਿਮਾਚਲ ਜਾਂ ਗੋਆ ਜਾਣ ਦੀ ਲੋੜ ਨਹੀਂ ਹੈ ਉਨ੍ਹਾਂ ਨੂੰ ਗੋਆ ਵਰਗੇ ਨਜ਼ਾਰੇ ਹੁਣ ਮਹਾਰਾਣਾ ਪ੍ਰਤਾਪ ਝੀਲ ’ਤੇ ਹੀ ਮਿਲਣਗੇ। ਇਥੇ ਹੁਣ ਹੌਲੀ ਹੌਲੀ ਕਾਫ਼ੀ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ ਤੇ ਆਨੰਦ ਮਾਣ ਰਹੇ ਹਨ। ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਆਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।

ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਟੀਵਲ ਦਾ ਉਦੇਸ਼ ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਵਿਸ਼ਵ ਸੈਰ-ਸਪਾਟਾ ਸਥਾਨ ਵਜੋਂ ਦਰਸਾਉਣਾ ਅਤੇ ਇਹ ਦਸਣਾ ਹੈ ਕਿ ਪੰਜਾਬ ਕੋਲ ਸੁੰਦਰ ਥਾਵਾਂ ਦੇ ਨਾਲ-ਨਾਲ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਹੈ, ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੀ ਹੈ। ਇਹ ਮੇਲਾ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪ੍ਰੇਰਕ ਵਜੋਂ ਕੰਮ ਕਰੇਗਾ ਕਿਉਂਕਿ ਇਹ ਸੈਰ ਸਪਾਟੇ ਨੂੰ ਉਤਸ਼ਾਹਤ ਕਰ ਕੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਮੇਲੇ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਹਰ ਸਾਲ ਸਮਾਗਮਾਂ ਕਰਵਾਉਣ ਲਈ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਹ ਤਿਉਹਾਰ ਹਰ ਸਾਲ ਮਨਾਏ ਜਾ ਸਕਣ। ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਸੰਮੇਲਨ ਕੇਂਦਰਾਂ ਦੀ ਸਥਾਪਨਾ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਹਾਊਸ ਅਰੀਨਾ, ਹੋਟਲ, ਸ਼ਾਪਿੰਗ ਮਾਲ ਅਤੇ ਹੋਰ ਸਥਾਨ ਹੋਣੇ ਚਾਹੀਦੇ ਹਨ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਮੋਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।