ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੀੜਤਾਂ ਨੂੰ ਸਮੇਂ-ਸਿਰ ਰਾਹਤ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਤੇ ਮਗਰੋਂ ਰੈਲੀਆਂ ਦੌਰਾਨ ਜੋ ਦਾਅਵੇ ਕਰਦੇ ਰਹੇ ਹਨ, ਉਨ੍ਹਾਂ ਵਿੱਚੋਂ ਇੱਕ ਨੂੰ ਵੀ ਅਮਲ ਵਿੱਚ ਨਹੀਂ ਲਿਆਂਦਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕੁਦਰਤੀ ਕਰੋਪੀ ਦੀ ਸਥਿਤੀ ਵਿੱਚ ਤੁਰੰਤ ਮੁਆਵਜ਼ੇ ਜਾਰੀ ਕੀਤੇ ਜਾਣਗੇ, ਜਦਕਿ ਹਾਲੇ ਤੱਕ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਵਾਅਦੇ ਅਨੁਸਾਰ ਪੀੜਤ ਕਿਸਾਨਾਂ ਅਤੇ ਪੰਜਾਬ ਵਾਸੀਆਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ।