ਐਸ.ਏ.ਐਸ. ਨਗਰ (ਮੁਹਾਲੀ), ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਨਹੀਂ ਆਏ ਹਨ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਹਰੇਕ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਸੱਤਾ ਮਿਲਣ ਤੋਂ ਬਾਅਦ ਹੁਕਮਰਾਨਾਂ ਨੇ ਮੁਹਾਲੀ ਸਮੇਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੁਜ਼ਗਾਰ ਮੇਲੇ ਲਗਾ ਕੇ ਵਾਹ-ਵਾਹ ਖੱਟੀ ਸੀ ਪਰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੇ ਜ਼ਿਆਦਾਤਰ ਨੌਜਵਾਨ ਅੱਜ ਵੀ ਨੌਕਰੀ ਉਡੀਕ ਰਹੇ ਹਨ। ਨੌਜਵਾਨਾਂ ਦਾ ਕਹਿਣਾ ਹੈ ਕਿ ਸਿਰਫ਼ ਭਰੋਸਾ ਹੀ ਉਨ੍ਹਾਂ ਦੇ ਪੱਲੇ ਪਿਆ ਹੈ। ਜਦੋਂ ਰੁਜ਼ਗਾਰ ਮੇਲਿਆਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਦੇਣ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਕਿਸੇ ਕੋਲ ਕੋਈ ਠੋਸ ਜਵਾਬ ਨਹੀਂ ਸੀ ਅਤੇ ਅਧਿਕਾਰੀ ਇੱਕ-ਦੂਜੇ ਉੱਤੇ ਜ਼ਿੰਮੇਵਾਰੀ ਸੁੱਟਦੇ ਰਹੇ ਅਤੇ ਗੱਲ ਕਰਨ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਗਈ। ਉਧਰ, ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਵਾਲੀ ਵੈਬਸਾਈਟ-2017 ਵੀ ਹੁਣ ਬੰਦ ਕਰ ਦਿੱਤੀ ਗਈ ਹੈ।

ਮੁਹਾਲੀ ਇੰਡਸਟਰੀ ਐਸੋਸੀਏਸ਼ਨ (ਐਮਆਈਏ) ਵਿੱਚ ਲੱਗੇ ਰੁਜ਼ਗਾਰ ਮੇਲੇ ਬਾਰੇ ਇੱਕ ਨੁਮਾਇੰਦੇ ਨੇ ਇਹ ਕਹਿ ਕੇ ਸਾਰਿਆਂ ਨੂੰ ਹੈਰਾਨ-ਪ੍ਰੇਸ਼ਾਨ ਕਰ ਦਿੱਤਾ ਕਿ ਉਨ੍ਹਾਂ ਦਾ ਕੰਮ ਤਾਂ ਨੌਜਵਾਨਾਂ ਲਈ ਰੁਜ਼ਗਾਰ ਮੇਲਾ ਲਗਾਉਣਾ ਸੀ, ਨੌਕਰੀ ਮਿਲੇ ਜਾਂ ਨਾ ਮਿਲੇ, ਇਸ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ। ਜੇਕਰ ਪਿਛਲੇ ਸਮੇਂ ਦੌਰਾਨ ਲੱਗੇ ਰੁਜ਼ਗਾਰ ਮੇਲਿਆਂ ਦੀ ਕਾਰਗੁਜ਼ਾਰੀ ’ਤੇ ਝਾਤ ਮਾਰੀ ਜਾਵੇ ਤਾਂ ਇੰਜ ਜਾਪਦਾ ਹੈ ਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਂਜ ਵੀ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਸਿਰਫ਼ ਤਕਨੀਕੀ ਸਿੱਖਿਆ ਕਾਲਜਾਂ ਦੇ ਡਿਗਰੀ, ਡਿਪਲੋਮਾ ਹੋਲਡਰ ਜਾਂ ਆਈਟੀਆਈ ਪਾਸ ਨੌਜਵਾਨਾਂ ਦਾ ਹੁਨਰ ਹੀ ਪਰਖਿਆ ਗਿਆ ਹੈ ਜਦੋਂ ਕਿ ਗੈਰ-ਹੁਨਰਮੰਦ ਅੱਠਵੀਂ, ਨੌਵੀਂ, ਦਸਵੀਂ, 11ਵੀਂ ਅਤੇ ਬਾਰ੍ਹਵੀਂ ਪਾਸ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਵਾਂਝੇ ਰੱਖਿਆ ਗਿਆ ਹੈ। ਅਜਿਹੇ ਨੌਜਵਾਨਾਂ ਦੀ ਪੰਜਾਬ ਵਿੱਚ ਲੰਮੀ ਕਤਾਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਮੁਤਾਬਕ ਲੋਕਾਂ ਨਾਲ ਹਰ ਘਰ ਵਿੱਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਕ ਬੀਤੀ 21 ਅਗਸਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅਤੇ 22 ਅਗਸਤ ਨੂੰ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਸਹੌੜਾ ਵਿੱਚ ਰੁਜ਼ਗਾਰ ਮੇਲੇ ਲਗਾ ਕੇ ਸੂਬੇ ਵਿੱਚ ਮੈਗਾ ਰੁਜ਼ਗਾਰ ਮੇਲਿਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਮੇਲਿਆਂ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕ੍ਰਮਵਾਰ 5 ਹਜ਼ਾਰ ਅਤੇ ਛੇ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਲਈ ਚੁਣੇ ਜਾਣ ਦਾ ਦਾਅਵਾ ਕੀਤਾ ਸੀ ਪਰ ਅੱਜ ਵੀ ਬਹੁਤੇ ਨੌਜਵਾਨ ਆਪਣੇ ਹੱਥਾਂ ਵਿੱਚ ਡਿਗਰੀਆਂ ਲੈ ਕੇ ਨੌਕਰੀ ਦੀ ਤਲਾਸ਼ ਵਿੱਚ ਭਟਕ ਰਹੇ ਹਨ। ਸ੍ਰੀ ਚੰਨੀ ਦਾ ਕਹਿਣਾ ਸੀ ਕਿ 31 ਅਗਸਤ ਤੱਕ ਰਾਜ ਵਿੱਚ ਵੱਖ-ਵੱਖ ਥਾਵਾਂ ’ਤੇ 21 ਨੌਕਰੀ ਮੇਲੇ ਲਗਾਏ ਜਾਣਗੇ ਅਤੇ ਇਨ੍ਹਾਂ ਮੇਲਿਆਂ ਵਿੱਚ ਦੇਸ਼ ਭਰ ’ਚੋਂ 900 ਕੰਪਨੀਆਂ ਸ਼ਿਰਕਤ ਕਰਨਗੀਆਂ ਅਤੇ ਕਰੀਬ 50 ਹਜ਼ਾਰ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਅਗਸਤ ਵਿੱਚ ਪੰਜਾਬ ਸਰਕਾਰ ਦੇ ਵੈੱਬ ਪੋਰਟਲ www.ggnpunjab.com ’ਤੇ ਚਾਰ ਲੱਖ ਨੌਜਵਾਨਾਂ ਵੱਲੋਂ ਨੌਕਰੀ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਗੱਲ ਵੀ ਕਹੀ ਗਈ ਸੀ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ’ਤੇ ਤਕਨੀਕੀ ਸਿੱਖਿਆ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਪਿਛਲੇ 10 ਸਾਲਾਂ ਵਿੱਚ ਰਾਜ ਵਿੱਚ ਬੇਰੁਜ਼ਗਾਰੀ ਵੱਡੇ ਪੱਧਰ ’ਤੇ ਵਧੀ ਹੈ ਅਤੇ ਨੌਜਵਾਨ ਡਿਗਰੀਆਂ ਹਾਸਲ ਕਰਕੇ ਵੀ ਰੁਜ਼ਗਾਰ ਤੋਂ ਵਾਂਝੇ ਹਨ।
ਮੌਜੂਦਾ ਸਮੇਂ ਵਿੱਚ ਵੀ ਉਹੀ ਹਾਲ ਹੈ ਪਰ ਹੁਣ ਹੁਕਮਰਾਨ ਗੋਲ-ਮੋਲ ਗੱਲਾਂ ਕਰਕੇ ਡੰਗ ਟਪਾ ਰਹੇ ਹਨ ਅਤੇ ਅਧਿਕਾਰੀਆਂ ਨੇ ਵੀ ਚੁੱਪ ਧਾਰ ਲਈ ਹੈ। ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਮੁਹਾਲੀ ਵੱਲੋਂ ਬੀਤੀ 11 ਅਕਤੂਬਰ ਨੂੰ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਐਮਆਈਏ ਭਵਨ ਉਦਯੋਗਿਕ ਫੇਜ਼-7 ਵਿੱਚ ਲਗਾਏ ਰੁਜ਼ਗਾਰ ਮੇਲੇ ਵਿੱਚ ਏਡੀਸੀ ਚਰਨਦੇਵ ਸਿੰਘ ਮਾਨ ਨੇ ਦਾਅਵਾ ਕੀਤਾ ਸੀ ਕਿ ਮੇਲੇ ਵਿੱਚ 19 ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਵੱਖ ਵੱਖ ਟਰੇਡਾਂ ਲਈ 378 ਨੌਜਵਾਨਾਂ ’ਚੋਂ 176 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇੰਝ ਹੀ ਇੱਕ ਹੋਰ ਮੇਲੇ ਵਿੱਚ ਵੱਖ-ਵੱਖ ਟਰੇਡਾਂ ਵਿੱਚ ਸਿਖਲਾਈ ਪ੍ਰਾਪਤ ਕਰ ਚੁੱਕੇ 158 ਸਿੱਖਿਆਰਥੀਆਂ ਨੇ ਭਾਗ ਲਿਆ ਸੀ ਅਤੇ 5 ਕੰਪਨੀਆਂ ਨੇ 40 ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਮਹਿਕਮੇ ਦਾ ਕੰਮ ਵਿਚੋਲੇ ਵਾਲਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਬੇਰੁਜ਼ਗਾਰ ਨੌਜਵਾਨਾਂ ਅਤੇ ਨਾਮੀ ਕੰਪਨੀਆਂ ਨਾਲ ਤਾਲਮੇਲ ਕਰਕੇ ਇੱਕ ਸਾਂਝਾ ਮੰਚ ਮੁਹੱਈਆ ਕਰਵਾਇਆ ਅਤੇ ਕੰਪਨੀਆਂ ਨੇ ਵਿਦਿਅਕ ਯੋਗਤਾ ਮੁਤਾਬਕ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਪਰ ਰੁਜ਼ਗਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ ਜਾਂ ਨਹੀਂ, ਇਸ ਬਾਰੇ ਵਿਭਾਗ ਕੋਲ ਕੋਈ ਡਾਟਾ ਨਹੀਂ ਹੈ।