ਫ਼ਰੀਦਕੋਟ, 8 ਸਤੰਬਰ
ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੁੜੀਆਂ ਵਾਲੇ ਹੋਸਟਲ ਵਿੱਚ ਵਿਦਿਆਰਥਣ ਨੇ ਫਾਹਾ ਲੈ ਕੇ ਖੁ਼ਦਕੁਸ਼ੀ ਕਰ ਲਈ। ਪੁਲੀਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਵਿਦਿਆਰਥਣ ਨੂੰ ਤੰਗ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 306 ਤਹਿਤ ਪਰਚਾ ਦਰਜ ਕਰ ਲਿਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਬੁਰਜ ਦੁੰਨਾ ਦੀ ਵਿਦਿਆਰਥਣ ਮੈਡੀਕਲ ਕਾਲਜ ਵਿੱਚ ਬੀਐੱਸਸੀ ਨਰਸਿੰਗ ਵਿੱਚ ਤੀਜੇ ਸਾਲ ਦੀ ਪੜਾਈ ਕਰ ਰਹੀ ਸੀ, ਜਿਸ ਨੂੰ ਕਥਿਤ ਤੌਰ ‘ਤੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਦਿਆਲੇਆਣਾ ਦਾ ਨੌਜਵਾਨ ਗੁਰਪਿੰਦਰ ਸਿੰਘ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਤੰਗ ਆ ਕੇ ਵਿਦਿਆਰਥਣ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਦੇ ਪੜਤਾਲੀਆ ਅਫ਼ਸਰ ਭੁਪਿੰਦਰ ਸਿੰਘ ਸਿੱਧੂ ਨੇ ਕਿਹ ਕਿ ਮੁੱਢਲੀ ਪੜਤਾਲ ਤੋਂ ਬਾਅਦ ਗੁਰਪਿੰਦਰ ਸਿੰਘ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।