ਫ਼ਾਜ਼ਿਲਕਾ, 27, ਜੁਲਾਈ
ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਵਗਦੇ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇੱਥੇ ਰਹਿੰਦੇ ਕਈ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਤਬਾਹ ਹੋ ਗਈ ਹੈ। ਕੁਝ ਕਿਸਾਨਾਂ ਨੇ ਦੁਬਾਰਾ ਝੋਨਾ ਲਾਇਆ ਸੀ ਅਤੇ ਇੱਕ ਵਾਰ ਫਿਰ ਉਨ੍ਹਾਂ ਦੀ ਝੋਨੇ ਦੀ ਫ਼ਸਲ ਹੜ੍ਹਾਂ ਕਾਰਨ ਬਰਬਾਦ ਹੋ ਗਈ ਹੈ। ਸਤਲੁਜ ਦਰਿਆ ਨੇੜਲੇ ਪਿੰਡ ਰਾਮ ਸਿੰਘ ਵਾਲੀ ਭੈਣੀ ਦੇ ਕਿਸਾਨ ਵੀ ਝੋਨੇ ਦੀ ਫ਼ਸਲ ਦੂਜੀ ਵਾਰ ਤਬਾਹ ਹੋਣ ਕਾਰਨ ਨਿਰਾਸ਼ ਹਨ। ਕਿਸਾਨ ਰਾਜ ਸਿੰਘ ਨੇ ਦੱਸਿਆ ਕਿ ਉਸ ਨੇ ਕਰੀਬ 11 ਏਕੜ ਰਕਬੇ ਵਿੱਚ ਝੋਨੇ ਦੀ ਲਵਾਈ ਕੀਤੀ ਸੀ, ਜਿਸ ਤੋਂ ਬਾਅਦ ਉਸ ਦੀ ਫਸਲ ਹੜ੍ਹ ਨਾਲ ਬਰਬਾਦ ਹੋ ਗਈ। ਇਸ ਦੇ ਨਾਲ ਹੀ ਉਸ ਨੇ ਇਕ ਵਾਰ ਫਿਰ ਝੋਨੇ ਦੀ ਲਵਾਈ ਕਰਵਾਈ ਅਤੇ ਦੂਜੀ ਵਾਰ ਫਿਰ ਹੜ੍ਹ ਨੇ ਉਸ ਦੀ ਝੋਨੇ ਦੀ ਫਸਲ ਤਬਾਹ ਕਰ ਦਿੱਤੀ।
ਇਸੇ ਪਿੰਡ ਦੇ ਓਮ ਸਿੰਘ ਨੇ ਦੱਸਿਆ ਕਿ ਉਸ ਦੀ 15 ਏਕੜ ਜ਼ਮੀਨ ਵਿੱਚ ਝੋਨੇ ਦੀ ਫ਼ਸਲ ਬੀਜੀ ਹੋਈ ਸੀ। ਪਹਿਲਾਂ ਵੀ ਹੜ੍ਹਾਂ ਨੇ ਉਨ੍ਹਾਂ ਦੀ ਫਸਲ ਬਰਬਾਦ ਕਰ ਦਿੱਤੀ ਸੀ ਅਤੇ ਇਕ ਵਾਰ ਫਿਰ ਹੜ੍ਹ ਕਾਰਨ ਉਨ੍ਹਾਂ ਦੀ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਲਵਾਈ ਪਹਿਲਾਂ 4000 ਰੁਪਏ ਪ੍ਰਤੀ ਏਕੜ ਮਜ਼ਦੂਰੀ ਦਿੱਤੀ ਸੀ,ਉਸ ਤੋਂ ਬਾਅਦ ਦੂਜੀ ਵਾਰ ਝੋਨੇ ਦੀ ਲਵਾਈ ਲਈ 4000 ਰੁਪਏ ਪ੍ਰਤੀ ਏਕੜ ਮਜ਼ਦੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਟਰੈਕਟਰਾਂ ਅਤੇ ਖਾਦਾਂ ਆਦਿ ‘ਤੇ ਵੀ ਕਾਫੀ ਖਰਚ ਕੀਤਾ ਗਿਆ ਹੈ, ਜਿਸ ਕਾਰਨ ਉਸ ਦਾ ਪ੍ਰਤੀ ਏਕੜ 25-30 ਹਜ਼ਾਰ ਰੁਪਏ ਖਰਚ ਆਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਫ਼ਸਲ ਦੀ ਪਾਲਣ-ਪੋਸ਼ਣ ਵਿਚ ਵੀ ਵੱਖਰੀ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਤਿਆਰ ਹੋਣ ’ਤੇ ਉਨ੍ਹਾਂ ਨੂੰ ਪ੍ਰਤੀ ਏਕੜ 70-80 ਹਜ਼ਾਰ ਰੁਪਏ ਹੋਣ ਦੀ ਆਸ ਸੀ ਪਰ ਦੂਜੀ ਵਾਰ ਆਏ ਹੜ੍ਹ ਨੇ ਉਨ੍ਹਾਂ ਦੀਆਂ ਸਾਰੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।