ਫਾਜ਼ਿਲਕਾ, 7 ਜਨਵਰੀ

ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਨੂੰ ਉਸ ਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲ੍ਹਾ ਫਾਜ਼ਿਲਕਾ ਸਮੇਤ ਗਿ੍ਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਪਾਸੋਂ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋਂ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲ੍ਹੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਵਿਚ ਸਨ।