ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਫ਼ਿਲਮ ‘ਸਤਲੁਜ’ ਨੂੰ OTT ਪਲੇਟਫਾਰਮ ZEE5 ਤੋਂ ਹਟਾਏ ਜਾਣ ਦੇ ਤਿੰਨ ਦਿਨਾਂ ਬਾਅਦ, ਆਮ ਆਦਮੀ ਪਾਰਟੀ ਨੇ ਇੱਕ ਵੱਡਾ ਦਾਅਵਾ ਕੀਤਾ ਹੈ। ‘ਆਪ’ ਦਾ ਆਰੋਪ ਹੈ ਕਿ ਇਸ ਫ਼ਿਲਮ ਨੂੰ ਹਟਵਾਉਣ ਦੇ ਪਿੱਛੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਹੱਥ ਹੈ।
ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ, ਦੀਪਕ ਬਾਲੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫ਼ਿਲਮ ਦੇਖੀ ਹੈ ਅਤੇ ਇਸ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਖ਼ਿਲਾਫ਼ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ, “ਅਸਲ ਵਿੱਚ ਇਸ ਫ਼ਿਲਮ ਵਿੱਚ ਕਾਂਗਰਸ ਦੀ ਮਾੜੀ ਤਸਵੀਰ ਦਿਖਾਈ ਗਈ ਹੈ, ਇਸ ਲਈ ਫ਼ਿਲਮ ਨੂੰ ਰੋਕਣ ਦਾ ਕੋਈ ਕਾਰਨ ਨਹੀਂ ਬਣਦਾ ਸੀ। ਇਸ ਤੋਂ ਮੈਂ ਦੋ ਨਤੀਜਿਆਂ ‘ਤੇ ਪਹੁੰਚਦਾ ਹਾਂ।”
ਉਨ੍ਹਾਂ ਕਿਹਾ ਕਿ “ਫ਼ਿਲਮ ਖ਼ਿਲਾਫ਼ ਕੇਂਦਰ ਦੀ ਇਹ ਕਾਰਵਾਈ ਸਾਫ਼ ਇਸ਼ਾਰਾ ਕਰਦੀ ਹੈ ਕਿ ਕਾਂਗਰਸ ਅਤੇ ਭਾਜਪਾ ਕਈ ਮੁੱਦਿਆਂ ‘ਤੇ ਮਿਲ ਕੇ ਕੰਮ ਕਰ ਰਹੀਆਂ ਹਨ। ਮੇਰਾ ਦੂਜਾ ਅਤੇ ਸਭ ਤੋਂ ਵੱਡਾ ਨਤੀਜਾ ਇਹ ਹੈ ਕਿ ਬਿੱਟੂ ਨੇ ਕੇਂਦਰ ਸਰਕਾਰ ਰਾਹੀਂ ਇਸ ਫ਼ਿਲਮ ਨੂੰ ਰੁਕਵਾਇਆ ਹੈ। ਫ਼ਿਲਮ ਵਿੱਚ ਪੰਜਾਬ ਦੇ ਅਤਿਵਾਦ ਦੇ ਕਾਲੇ ਦੌਰ ਦੌਰਾਨ ਉਨ੍ਹਾਂ ਦੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਭੂਮਿਕਾ ਨੂੰ ਦਿਖਾਇਆ ਗਿਆ ਹੈ, ਜੋ ਸ਼ਾਇਦ ਉਨ੍ਹਾਂ ਨੂੰ ਮਨਜ਼ੂਰ ਨਹੀਂ ਸੀ।” ਦੱਸ ਦੇਈਏ ਕਿ ਫ਼ਿਲਮ ਵਿੱਚ ਬੇਅੰਤ ਸਿੰਘ ਦੇ ਕਤਲ ਦਾ ਦ੍ਰਿਸ਼ ਵੀ ਦਿਖਾਇਆ ਗਿਆ ਹੈ, ਜਿਸ ਬਾਰੇ ਕੁਝ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਇਸ ਕਤਲ ਦੀ ਵਡਿਆਈ ਕਰਦਾ ਪ੍ਰਤੀਤ ਹੁੰਦਾ ਹੈ।
ਪੰਜਾਬ ਚੋਂ ਇਸ ਫ਼ਿਲਮ ’ਤੇ ਪਾਬੰਦੀ ਨੂੰ ਲੈ ਕੇ ਉੱਠੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਆਪਣੇ ਫ਼ੈਸਲੇ ’ਤੇ ਮੁੜ ਗ਼ੌਰ ਕਰਨ ਲਈ ਕਦਮ ਉਠਾਏ ਹਨ। ਅੰਤਰ ਵਿਭਾਗੀ ਕਮੇਟੀ ਹੁਣ ਇਨਫਰਮੇਸ਼ਨ ਟੈਕਨਾਲੋਜੀ ਐਕਟ ਦੀ ਧਾਰਾ 69ਏ ਤਹਿਤ ਸਮੀਖਿਆ ਕਰੇਗੀ।
ਭਾਵੇਂ ਇਸ ਫ਼ਿਲਮ ਨੂੰ ਰਿਲੀਜ਼ ਹੋਣ ਦੇ ਮਹਿਜ਼ ਦੋ ਦਿਨਾਂ ਬਾਅਦ ਹੀ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਕਈ ਦਰਸ਼ਕਾਂ ਵੱਲੋਂ ਇਸ ਨੂੰ ਪਹਿਲਾਂ ਹੀ ਡਾਊਨਲੋਡ ਕਰ ਲਿਆ ਗਿਆ ਸੀ। ਹੁਣ ਇਹ ਫ਼ਿਲਮ ਵਟਸਐਪ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲੋਕਾਂ ਵੱਲੋਂ ਤੇਜ਼ੀ ਨਾਲ ਸ਼ੇਅਰ ਕੀਤੀ ਜਾ ਰਹੀ ਹੈ।














