ਮੋਹਾਲੀ ਦੇ ਫੋਰਟਿਸ ਹਸਪਤਾਲ ਅਤੇ ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਇਸ ਸੰਦੇਸ਼ ਵਿੱਚ ਦੁਪਹਿਰ 1:11 ਵਜੇ ਧਮਾਕੇ ਦੀ ਗੱਲ ਆਖੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਅਤੇ ਪੁਲਿਸ ‘ਹਾਈ ਅਲਰਟ’ ਮੋਡ ‘ਤੇ ਹਨ।

ਦੱਸ ਦਈਏ ਕਿ ਇਸ ਧਮਕੀ ਭਰੀ ਮੇਲ ਵਿੱਚ ਫੋਰਟਿਸ ਹਸਪਤਾਲ ਦਾ ਜ਼ਿਕਰ ਕੀਤਾ ਗਿਆ ਹੈ, ਇਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਭਰਤੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਮਵਾਰ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ ਸੀ। ਜਿਵੇਂ ਹੀ ਇਹ ਪਤਾ ਲੱਗਾ ਕਿ ਮੇਲ ਵਿੱਚ ਇਸ ਹਸਪਤਾਲ ਦਾ ਵੀ ਨਾਮ ਹੈ, ਤਾਂ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਤੁਰੰਤ ਪੁਲਿਸ ਦੀਆਂ ਟੁਕੜੀਆਂ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਹਸਪਤਾਲ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਲਈ ਪੁਲਿਸ ਦੀਆਂ ਪੰਜ ਟੀਮਾਂ ਦੇ ਨਾਲ-ਨਾਲ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਤਾਇਨਾਤ ਕਰ ਦਿਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਖਾਸ ਕਰਕੇ ਇਸ ਲਈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਜੇ ਹਸਪਤਾਲ ਵਿੱਚ ਡਾਕਟਰੀ ਨਿਗਰਾਨੀ ਹੇਠ ਹਨ।

ਇਸ ਤੋਂ ਇਲਾਵਾ ਮੋਹਾਲੀ ਦੇ ਫੇਜ਼ 5 ਦੇ ਇੱਕ ਨਿੱਜੀ ਸਕੂਲ ਨੂੰ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਤੁਰੰਤ ਖਾਲੀ ਕਰਵਾ ਲਿਆ ਗਿਆ, ਜਿਸ ਵਿੱਚ ਕਈ ਸਕੂਲਾਂ ਨੂੰ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ। ਸਾਵਧਾਨੀ ਵਜੋਂ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਇਸ ਤਰ੍ਹਾਂ ਦੀਆਂ ਧਮਕੀਆਂ ਸਾਹਮਣੇ ਆ ਚੁੱਕੀਆਂ ਹਨ ਜੋ ਕਿ ਅਫਵਾਹ ਨਿਕਲੀਆਂ ਸਨ, ਪਰ ਇਸ ਦੇ ਬਾਵਜੂਦ ਪੰਜਾਬ ਪੁਲਿਸ ਪੂਰੀ ਚੌਕਸੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।