ਬਰਨਾਲਾ, 12 ਜੂਨ:  ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਸਬੰਧੀ ਵੱਖ ਵੱਖ ਵਿਭਾਗਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਸਣੇ ਹੋਰ ਵਿਭਾਗਾਂ ਨੂੰ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ ਤੇ ਡੀਡੀਪੀਓ ਸ੍ਰੀ ਸੰਜੀਵ ਸ਼ਰਮਾ ਹਾਜ਼ਰ ਸਨ।

     ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਬੀਡੀਪੀਓਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਬਕਾਇਆ ਪਏ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਉਨ੍ਹਾਂ ਹਾਈਵੇਜ਼ ਅਥਾਰਟੀ ਅਧਿਕਾਰੀਆਂ ਨੂੰ ਸਾਈਨ ਬੋਰਡ ਨੈਸ਼ਨਲ ਹਾਈਵੇਅ ’ਤੇ ਲਗਵਾਉਣ ਦੀਆਂ ਹਦਾਇਤਾਂ ਦਿੱਤੀਆਂ।

ਠੋਸ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਕੌਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਵਾਉਣ ਅਤੇ ਉਸ ਦੇ ਢੁਕਵੇਂ ਨਿਬੇੜੇ ਅਧੀਨ ਖੇਤਰ ਵਧਾਉਣ ਲਈ ਆਖਿਆ। ਉਨ੍ਹਾਂ ਆਖਿਆ ਕਿ ਪਲਾਸਟਿਕ ਵਿਰੁੱਧ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪਲਾਸਟਿਕ ਲਿਫਾਫਿਆਂ ਦੀ ਸਪਲਾਈ ਅਤੇ ਸਟੋਰੇਜ ਵਿਰੁੱਧ ਲਗਾਤਾਰ ਚੈਕਿੰਗ ਕੀਤੀ ਜਾਵੇ।

ਇਸ ਮੌਕੇ ਜ਼ਿਲ੍ਹਾ ਭਲਾਈ ਅਫਸਰ ਸਰਧੂਲ ਸਿੰਘ ਸਿੱਧੂ, ਈਓ ਨਗਰ ਕੌਂਸਲ ਬਰਨਾਲਾ ਮਨਪ੍ਰੀਤ ਸਿੰਘ ਸਿੱਧੂ, ਈਓ ਗੁਰਚਰਨ ਸਿੰਘ, ਮਨਪ੍ਰੀਤ ਸਿੰਘ ਤੇ ਬੀਡੀਪੀਓਜ਼ ਹਾਜ਼ਰ ਸਨ।