ਚੰਡੀਗੜ੍ਹ, 2 ਫਰਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਨੂੰ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਦੱਸਿਆ ਹੈ। ਉਨ੍ਹਾਂ ਨੇ ਅੱਜ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਕੇਂਦਰ ਨੇ ਪਹਿਲਾਂ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਲਕੀ ਨੂੰ ਸ਼ਾਮਲ ਨਹੀਂ ਕੀਤਾ ਅਤੇ ਹੁਣ ਕੇਂਦਰੀ ਬਜਟ ਵਿੱਚੋਂ ਪੰਜਾਬ ਨੂੰ ਬਾਹਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੀ-ਬਜਟ ਮੀਟਿੰਗਾਂ ਵਿੱਚ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਬੀਐੱਸਐੱਫ ਅਤੇ ਸੂਬੇ ਦੀ ਪੁਲੀਸ ਨੂੰ ਅਪਗ੍ਰੇਡ ਕਰਨ ਲਈ ਇਕ ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਐਕਸਪ੍ਰੈਸ ਸ਼ੁਰੂ ਕਰਨ ਅਤੇ ਪੰਜਾਂ ਤਖ਼ਤਾਂ ਨੂੰ ਰੇਲ ਮਾਰਗ ਰਾਹੀ ਜੋੜਨ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਨਜ਼ਰਅੰਦਾਜ਼ ਕਰ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕੋਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਦੀ ਮੰਗ ਨੂੰ ਵੀ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਨੁਸੂਚਿਤ ਜਨਜਾਤੀਆਂ ਨੂੰ ਬਜਟ ਵਿੱਚ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਹੈ।