ਬਟਾਲਾ, 12 ਅਪਰੈਲ

ਬਟਾਲਾ ਪੁਲੀਸ ਨੇ ਅੱਜ ਇਥੋਂ ਦੇ ਰੇਲਵੇ ਸਟੇਸ਼ਨ ਅਤੇ ਕਈ ਹੋਰ ਥਾਂਵਾਂ ’ਤੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਾਏ ਹਨ। ਰੇਲਵੇ ਸਟੇਸ਼ਨ ਦੀਆਂ ਕੰਧਾਂ ’ਤੇ ਚਿਪਕਾਏ ਗਏ ਇਨ੍ਹਾਂ ਪੋਸਟਰਾਂ ਵਿੱਚ ਤਸਵੀਰ ਨਾਲ ਲਿਖਿਆ ਹੈ ਕਿ ਇਹ ਤਸਵੀਰ ਅੰਮ੍ਰਿਤਪਾਲ ਸਿੰਘ ਦੀ ਹੈ ਜੋ ਵੱਖ-ਵੱਖ ਕੇਸਾਂ ਵਿੱਚ ਪੁਲੀਸ ਨੂੰ ਲੋੜੀਂਦਾ ਹੈ। ਇਸ ਦੀ ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪੋਸਟਰ ਦੇ ਹੇਠਾਂ ਦੋ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ ਹਨ। ਦੋ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਸਭ ਤੋਂ ਨਜਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ (ਦਿਹਾਤੀ) ਦੀ ਪੁਲੀਸ ਨੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ, ਜੋ ਇੱਥੋਂ ਮਹਿਜ਼ 15 ਕੁ ਕਿਲੋਮੀਟਰ ਦੀ ਦੂਰੀ ’ਤੇ ਹੈ। ਆਮ ਲੋਕਾਂ ਵੱਲੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਹੁਣ ‘ਅਪਰੇਸ਼ਨ ਅੰਮ੍ਰਿਤਪਾਲ’ ਦਾ ਅੰਤ ਕਰ ਸਕਦੀ ਹੈ ਅਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਵਿਖਾ ਸਕਦੀ ਹੈ। ਇਸ ਸਬੰਧੀ ਡੀਐੱਸਪੀ ਸਿਟੀ ਲਲਿਤ ਸ਼ਰਮਾ ਨੇ ਉਨ੍ਹਾਂ ਦੱਸਿਆ ਕਿ ਬਟਾਲਾ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਰਨ ਲਈ ਬਟਾਲਾ ਦੇ ਰੇਲਵੇ ਸਟੇਸ਼ਨ ਅਤੇ ਬਟਾਲਾ ਖੇਤਰ ਦੇ ਹਰ ਨਾਕੇ ’ਤੇ ਅਜਿਹੇ ਪੋਸਟਰ ਲਾਏ ਗਏ ਹਨ। ਅੰਮ੍ਰਿਤਪਾਲ ਸਿੰਘ ਨੂੰ ਬਹੁਤ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।