ਬਠਿੰਡਾ, 10 ਨਵੰਬਰ
ਅੱਜ ਇਥੇ ਪੰਜਾਬ ਦੇ ਡਿਪੂ ਹੋਲਡਰਾਂ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਰਾਜ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡਿਪੂ ਹੋਲਡਰਾਂ ਨੇ ਰੋਜ਼ ਗਾਰਡਨ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਤੱਕ ਮਾਰਚ ਕੱਢਿਆ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਸਰਕਾਰ ਲੰਮੇ ਸਮੇਂ ਤੋਂ ਲਟਕਾ ਰਹੀ ਹੈ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਸਾਲ 2017 ਵਿਚ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਸਰਕਾਰ ਬਣਨ ’ਤੇ ਤੁਰੰਤ ਹੱਲ ਕੀਤੀਆਂ ਜਾਣਗੀਆਂ ਪਰ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ। ਇਸ ਮੌਕੇ ਜਤਿੰਦਰ ਸਿੰਘ ਕਾਲੜਾ, ਜਰਨੈਲ ਸਿੰਘ ਬਾਜਾਖਾਨਾ ਤੇ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਤਹਿਸੀਲਦਾਰ ਬਠਿੰਡਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ