ਚੰਡੀਗੜ੍ਹ, 22 ਦਸੰਬਰ
‘ਆਪ’ ਨੇ ਕੈਪਟਨ ਸਰਕਾਰ ਦੇ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਨੂੰ ਪੰਜਾਬ, ਲੋਕ ਤੇ ਰੁਜ਼ਗਾਰ ਵਿਰੋਧੀ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸਹਿ ਪ੍ਰਧਾਨ ਅਮਨ ਅਰੋੜਾ ਨੇ ਕੈਪਟਨ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਦੇ ਸਾਰੇ ਯੂਨਿਟ ਅਤੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਰੋਪੜ ਦੇ ਦੋ ਯੂਨਿਟ ਬੰਦ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ ਹੈ। ਮਾਨ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਮੌਜੂਦਾ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ, ਜੋ ਬਿਜਲੀ ਪੂਰਤੀ ਲਈ ਪ੍ਰਾਈਵੇਟ ਥਰਮਲ ਪਲਾਟਾਂ ’ਤੇ ਨਿਰਭਰ ਬਣਾਇਆ ਜਾ ਰਿਹਾ ਹੈ। ਏਕਾਅਧਿਕਾਰ ਹੋਣ ਕਰ ਕੇ ਪ੍ਰਾਈਵੇਟ ਥਰਮਲ ਪਲਾਂਟ ਲਾਬੀ ਮਨਮਰਜ਼ੀ ਦੇ ਮੁੱਲ ’ਤੇ ਬਿਜਲੀ ਵੇਚੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਖ਼ਰੀਦਣੀ ਪਵੇਗੀ।