ਸ੍ਰੀ ਆਨੰਦਪੁਰ ਸਾਹਿਬ, 31 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਉਨ੍ਹਾਂ ਸਾਰੇ 523 ਮੁਲਾਜ਼ਮਾਂ ਨੂੰ ਫ਼ਾਰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ ਪਿਛਲੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸਨ।
ਅੱਜ ਬਾਅਦ ਦੁਪਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਤੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 291 ਮਿਤੀ 07-03-2018 ਦੀ ਮਨਸ਼ਾ ਅਨੁਸਾਰ ਸਬੰਧਤ ਮੁਲਾਜ਼ਮਾਂ ਨੂੰ 31 ਮਾਰਚ 2018 ਤੋਂ ਫਾਰਗ ਕਰ ਦਿੱਤਾ ਜਾਵੇ ਅਤੇ ਉਸ ਮੁਲਾਜ਼ਮ ਦਾ ਬਣਦਾ ਬਕਾਇਆ ਨਿਯਮਾਂ ਅਨੁਸਾਰ ਉਸਦੇ ਖਾਤੇ ‘ਚ ਜਮ੍ਹਾਂ ਕਰਵਾ ਦਿੱਤਾ ਜਾਵੇ, ਤਹਿਤ ਇਹ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਨ੍ਹਾਂ ਹੁਕਮਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸਦੇ ਕਾਰਜਕਾਲ ਦੌਰਾਨ ਹੋਈ ਸਭ ਤੋਂ ਪਹਿਲੀ ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਫੈਸਲਾ ਹੋਇਆ ਸੀ ਕਿ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਸਬ ਕਮੇਟੀ ਦਾ ਗਠਨ ਕਰਕੇ ਬੀਤੇ ਸਾਲ ਦੌਰਾਨ ਮੁਲਾਜ਼ਮਾਂ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਦੀ ਪੜਤਾਲ ਕਰਵਾਈ ਜਾਵੇ। ਕਮੇਟੀ ਦੀ ਰਿਪੋਰਟ ਅਨੁਸਾਰ 523 ਅਜਿਹੇ ਮੁਲਾਜ਼ਮਾਂ ਦੇ ਨਾਂ ਸਾਹਮਣੇ ਆਏ ਸਨ। ਕਮੇਟੀ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੀ ਅੱਜ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਜਾਰੀ ਹੋਣ ਤੋਂ ਤੁਰੰਤ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ, ਸਕੱਤਰ ਸਿੱਖਿਆ, ਮੁੱਖ ਬੁਲਾਰੇ, ਡਾਇਰੈਕਟਰ ਐਜੂਕੇਸ਼ਨ ਨੇ ਜਾਂ ਤਾਂ ਫੋਨ ਚੁੱਕਣਾ ਬੰਦ ਕਰ ਦਿੱਤਾ ਜਾਂ ਫਿਰ ਆਪਣੇ ਫੋਨ ਬੰਦ ਕਰ ਲਏ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਫਾਰਗ ਕੀਤੇ ਮੁਲਾਜ਼ਮਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ 200 ਦੇ ਕਰੀਬ ਜਦਕਿ ਗੁਰਦੁਆਰਿਆਂ ਦੇ ਸਵਾ ਤਿੰਨ ਸੌ ਦੇ ਕਰੀਬ ਮੁਲਾਜ਼ਮ ਹਨ।
ਸੁਖਬੀਰ ਬਾਦਲ ਕੋਲ ਪੁੱਜਿਆ ਸੀ ਨਿਯੁਕਤੀਆਂ ਦਾ ਮਾਮਲਾ
ਅੰਮ੍ਰਿਤਸਰ: ਲਗਪਗ 700 ਤੋਂ ਵੱਧ ਇਹ ਨਿਯੁਕਤੀਆਂ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆ ਸਨ। ਨਿਯੁਕਤੀਆਂ ਨੂੰ ਲੈ ਕੇ ਕਈ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਵੀ ਸ਼ਿਕਾਇਤ ਕੀਤੀ ਗਈ ਸੀ। ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ। ਟ੍ਰਿਬਿੳੂਨ ਨਿੳੂਜ਼ ਸਰਵਿਸ