ਲੰਡਨ, 20 ਮਾਰਚ

ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ ‘ਸ਼ਰਮਨਾਕ’ ਅਤੇ ‘ਪੂਰੀ ਤਰ੍ਹਾਂ ਅਸਵੀਕਾਰਨਯੋਗ’ ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈ ਰਹੀ ਹੈ। ਇਸ ਦੌਰਾਨ ਘਟਨਾ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਖ਼ਾਲਿਸਤਾਨੀ ਝੰਡੇ ਲਹਿਰਾਉਂਦੇ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਸ਼ਾਮ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ। ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਕੋਸ਼ਿਸ਼ ਅਸਫਲ ਰਹੀ ਅਤੇ ਤਿਰੰਗਾ ਸ਼ਾਨ ਨਾਲ ਲਹਿਰਾ ਰਿਹਾ ਹੈ।