ਫ਼ਰੀਦਕੋਟ, 5 ਜੁਲਾਈ
ਬਹਿਬਲ ਗੋਲੀ ਕਾਂਡ ਦੇ ਗਵਾਹਾਂ ਵੱਲੋਂ ਅਦਾਲਤ ਵਿੱਚ ਅਰਜ਼ੀ ਦੇ ਕੇ ਤਤਕਾਲੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਖਿਲਾਫ਼ ਲਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਗਵਾਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਪਹਿਲਾਂ ਉਸ ਨੂੰ ਨਿੱਜੀ ਤੌਰ ’ਤੇ ਜ਼ਰੂਰ ਸੁਣਿਆ ਜਾਵੇ।
ਤਤਕਾਲੀ ਆਈ.ਜੀ. ਦੀ ਅਰਜ਼ੀ ਆਉਣ ਤੋਂ ਬਾਅਦ ਜੁਡੀਸ਼ਲ ਮੈਜਿਸਟਰੇਟ ਨੇ ਇਸ ਅਰਜ਼ੀ ’ਤੇ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਜਾਂਚ ਟੀਮ ਨੂੰ ਇਸ ਮਾਮਲੇ ਵਿੱਚ ਲਿਖਤੀ ਰਿਪੋਰਟ ਅਤੇ ਜਵਾਬ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਬਹਿਬਲ ਗੋਲੀ ਕਾਂਡ ਦੇ ਸੱਤ ਗਵਾਹਾਂ ਨੇ ਅਦਾਲਤ ਵਿੱਚ ਲਿਖਤੀ ਅਰਜ਼ੀ ਦੇ ਕੇ ਸਾਬਕਾ ਜਾਂਚ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ’ਤੇ ਇਲਜ਼ਾਮ ਲਾਏ ਹਨ ਕਿ ਉਨ੍ਹਾਂ ਨੇ ਨਿੱਜੀ ਰੰਜਿਸ਼ ਤਹਿਤ ਦੋ ਗਵਾਹਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਦਿੱਤਾ ਅਤੇ ਗਵਾਹਾਂ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਲਿਖਿਆ ਹੈ ਅਤੇ ਕੁਝ ਝੂਠੇ ਗਵਾਹ ਵੀ ਤਿਆਰ ਕੀਤੇ ਗਏ ਹਨ ਜੋ ਅਸਲ ਵਿੱਚ ਮੌਕੇ ’ਤੇ ਹਾਜ਼ਰ ਨਹੀਂ ਸਨ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।