ਚੰਡੀਗੜ੍ਹ, 23 ਮਈ
ਬਾਦਲਾਂ ਦਾ ਗੜ੍ਹ ਮੰਨੀਆਂ ਜਾਂਦੀਆਂ ਬਠਿੰਡਾ ਅਤੇ ਫਿਰੋਜ਼ਪੁਰ ਸੀਟਾਂ ਉਤੇ ਕਾਂਗਰਸ ਦੇ ਚੋਟੀ ਦੇ ਲੀਡਰਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਲੋਂ ਵੱਡੀਆਂ ਰੈਲੀਆਂ ਕਰਨ ਦੇ ਬਾਵਜੂਦ ਵੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਰਾਹੁਲ ਅਤੇ ਪ੍ਰਿਯੰਕਾ ਨੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ਬਠਿੰਡਾ ਅਤੇ ਫਿਰੋਜ਼ਪੁਰ ਹਲਕਿਆਂ ‘ਚ ਬਾਦਲਾਂ ਖਿਲਾਫ਼ ਧੂੰਆਂਧਾਰ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਕਮਾਨ ਸੌਂਪੀ ਸੀ ਪ੍ਰੰਤੂ ਸਿੱਧੂ ਦੇ ਲਲਕਾਰੇ ਵੀ ਰਾਜਾ ਵਾੜਿੰਗ ਅਤੇ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਵੋਟਰਾਂ ਨੂੰ ਖਿੱਚ ਨਹੀਂ ਸਕੇ। ਉਲਟਾ ਸਿੱਧੂ ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਹੀ ਬਾਦਲਾਂ ਨਾਲ ਰਲੇ ਹੋਣ ਦੇ ਟੇਢੇ ਢੰਗ ਦੇ ਇਸ਼ਾਰਿਆਂ ਨਾਲ ਸਵਾਲ ਖੜ੍ਹੇ ਕਰਕੇ ਵਿਵਾਦ ਵਿਚ ਘਿਰ ਕੇ ਰਹਿ ਗਏ। ਸਿੱਧੂ ਤੋਂ ਪਹਿਲਾਂ ਬਠਿੰਡਾ ਅਤੇ ਫਿਰੋਜ਼ਪੁਰ ਹਲਕਿਆਂ ਦੀ ਚੋਣ ਰਣਨੀਤੀ ਦੀ ਕਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਭਾਲੀ ਹੋਈ ਸੀ ਜਿਸ ਦੇ ਤਹਿਤ ਉਨ੍ਹਾਂ ਨੇ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਮੌਜ਼ੂਦਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਇਆ ਸੀ।
ਸੱਤਾਧਿਰ ਕਾਂਗਰਸ ਜਿੱਥੇ ਸੂਬੇ ਦੀਆਂ 13 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ 8 ਸੀਟਾਂ ਉਤੇ ਹਰਾਉਣ ਵਿਚ ਕਾਮਯਾਬ ਰਹੀ ਉਥੇ ਹੀ ਬਾਦਲਾਂ ਨੂੰ ਉਨ੍ਹਾਂ ਦੇ ਗੜ੍ਹ ਸਮਝੇ ਜਾਂਦੇ ਬਠਿੰਡਾ ਅਤੇ ਫਿਰੋਜ਼ਪੁਰ ਹਲਕਿਆਂ ਵਿਚ ਹਰਾਉਣ ਸਫਲ ਨਹੀਂ ਹੋ ਸਕੀ। ਕਾਂਗਰਸ ਦੇ ਨਾਲ-ਨਾਲ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੋਂ ਇਲਾਵਾ ਆਪ ਦੇ ਬਾਗੀਆਂ ਅਤੇ ਬਰਗਾੜੀ ਮੋਰਚਾ ਚਲਾਉਣ ਵਾਲੇ ਅਖੌਤੀ ਜਥੇਦਾਰਾਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਾਉਣ ਦੇ ਬਾਵਜੂਦ ਵੀ ਬਾਦਲਾਂ ਬਠਿੰਡਾ ਤੇ ਫਿਰੋਜ਼ਪੁਰ ਹਲਕਿਆਂ ‘ਚ ਜੇਤੂ ਰਹੇ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਲਗਾਤਾਰ ਤੀਜੀ ਵਾਰ ਹ੍ਰੈਟਿਕ ਬਣਾ ਗਈ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਰਿਕਾਰਡਤੋੜ ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਅਕਾਲੀ ਨੇ 10 ਲੋਕ ਸਭਾ ਹਲਕਿਆਂ ਉਤੇ ਉਮੀਦਵਾਰ ਖੜ੍ਹੇ ਕੀਤੇ ਸਨ ਜਿਨ੍ਹਾਂ ਵਿਚੋਂ ਫਤਿਹਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ, ਸ਼੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਲੁਧਿਆਣਾ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ, ਖਡੂਰ ਸਾਹਿਬ ਤੋਂ ਜਾਗੀਰ ਕੌਰ, ਫਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਆਪਣੀਆਂ ਸੀਟਾਂ ਹਾਰ ਗਏ।
ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਪੰਜ ਸਿਆਸੀ ਪਾਰਟੀਆਂ ਦੇ ਪ੍ਰਧਾਨ ਆਪਣੀਆਂ ਸੀਟਾਂ ਜਿੱਤਣ ‘ਚ ਜਿੱਥੇ ਨਾਕਾਮ ਰਹੇ ਉਥੇ ਹੀ ਸਾਰੀਆਂ ਵਿਰੋਧੀਆਂ ਪਾਰਟੀਆਂ ਦੇ ਨਿਸ਼ਾਨੇ ਉਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਫਿਰੋਜ਼ਪੁਰ ਸੀਟ ਉਤੇ ਅਕਾਲੀ ਦਲ ਦਾ ਝੰਡਾ ਗੱਡਣ ‘ਚ ਕਾਮਯਾਬ ਰਹੇ। ਚੋਣਾਂ ਦੌਰਾਨ ਸੂਬੇ ਦੀਆਂ 6 ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਖੁਦ ਚੋਣ ਮੈਦਾਨ ਵਿਚ ਉਤਰੇ ਸਨ ਜਿਨ੍ਹਾਂ ਵਿਚੋਂ ਸੱਤਾਧਿਰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਆਪਣੀਆਂ ਸੀਟਾਂ ਉਤੇ ਹਾਰ ਗਏ।
ਚੋਣ ਦੰਗਲ ਦੌਰਾਨ ਸੂਬੇ ਦੀ ਸੱਤਾਧਿਰ ਕਾਂਗਰਸ ਲਈ ਆਪਣੇ ਪ੍ਰਧਾਨ ਸੁਨੀਲ ਜਾਖੜ ਦੀ ਸੀਟ ਬਚਾਉਣਾ ਚੁਣੌਤੀਪੂਰਨ ਰਿਹਾ। ਜਾਖੜ ਦੇ ਚੋਣ ਪ੍ਰਚਾਰ ਲਈ ਅੱਧੀ ਦਰਜਨ ਤੋਂ ਜ਼ਿਆਦਾ ਮੰਤਰੀਆਂ ਅਤੇ 3 ਦਰਜਨ ਦੇ ਕਰੀਬ ਵਿਧਾਇਕਾਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਜਿਤਾ ਨਹੀਂ ਸਕੇ।
ਜਾਖੜ ਤੋਂ ਇਲਾਵਾ ਬਾਦਲਾਂ ਨੂੰ ਚੁਣੌਤੀ ਦੇਣ ਬਠਿੰਡਾ ਸੀਟ ਤੋਂ ਚੋਣ ਲੜਣ ਗਏ ਨਵੀਂ ਬਣੀ ਪਾਰਟੀ ਪੰਜਾਬੀ ਏਕਤਾ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੀ ਆਪਣੀ ਜ਼ਮਾਨਤ ਜ਼ਬਤ ਕਰਵਾ ਆਏ। ਅਕਾਲੀ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦਾ ਦਾਅਵਾ ਕਰਨ ਵਾਲੇ ਖਹਿਰਾ ਨੂੰ 37,854 ਵੋਟਾਂ ਹੀ ਮਿਲੀਆਂ ਜਦੋਂ ਕਿ ਉਨ੍ਹਾਂ ਦੀ ਪੁਰਾਣੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਹੀ 1.33 ਲੱਖ ਵੋਟਾਂ ਲੈਣ ਵਿਚ ਅੱਗੇ ਰਹੀ। ਸੂਬੇ ਵਿਚ ਰਾਜਨੀਤਿਕ ਪਾਰਟੀਆਂ ਦੇ 9 ਵਿਧਾਇਕ ਚੋਣ ਮੈਦਾਨ ਵਿਚ ਉਤਰੇ ਸਨ ਪ੍ਰੰਤੂ ਇਨ੍ਹਾਂ ਵਿਚੋਂ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਅਤੇ ਫਗਵਾੜਾ ਹਲਕੇ ਤੋਂ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਹੀ ਬਾਜ਼ੀ ਮਾਰ ਸਕੇ।