ਮਾਛੀਵਾੜਾ, 4 ਜੁਲਾਈ
ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ’ਤੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ ਜੋ ਸਿੱਖ ਸੰਗਤ ਨੂੰ ਬਿਲਕੁਲ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਪਰ 2015-2017 ਵਿਚ ਜਿਨ੍ਹਾਂ ਦੀ ਸਰਕਾਰ ਸੀ ਉਸ ਸਮੇਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪਨਾਹ ਦਿੱਤੀ ਗਈ ਅਤੇ ਗੁਨਾਹ ਕਰਨ ਵਾਲਿਆਂ ਨੂੰ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਵਰਗੀ ਪੁਸ਼ਾਕ ਪਾ ਕੇ ਉਨ੍ਹਾਂ ਨਾਲ ਤੁਲਨਾ ਕੀਤੀ ਸੀ ਪਰ ਇਸ ਸਬੰਧੀ ਕੇਸ ਵੀ ਸੁਖਬੀਰ ਸਿੰਘ ਬਾਦਲ ਨੇ ਵਾਪਸ ਲੈ ਲਿਆ। ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ’ਤੇ ਦਬਾਅ ਪਾ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਈ ਅਤੇ ਇਸ ਸਰਵਉੱਚ ਤਖ਼ਤ ਦੀ ਦੁਰਵਰਤੋ ਕੀਤੀ।
ਵਿਧਾਇਕ ਨੇ ਕਿਹਾ ਕਿ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਮੋਰਚੇ ਦੌਰਾਨ ਬਾਦਲਾਂ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਜਿਸ ਦਾ ਹਲਫ਼ੀਆ ਬਿਆਨ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਨੇ ਰਿਪੋਰਟ ’ਚ ਦਿੱਤਾ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੀ ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਉਂਦੇ ਰਹੇ ਕਿ ਕਾਂਗਰਸ ਅਤੇ ਅਕਾਲੀ ਮਿਲੇ ਹੋਏ ਹਨ ਪਰ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਕੀ ਹੁਣ ‘ਆਪ’ ਅਤੇ ਅਕਾਲੀ ਦਲ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ’ਚ ‘ਆਪ’ ਸਰਕਾਰ ਵਲੋਂ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ।