ਚੰਡੀਗੜ੍ਹ, 19 ਦਸੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਚਲਾਈ ਵਿਕਾਸ ਲਹਿਰ ਦੀ ਜਿੱਤ ਕਰਾਰ ਦਿੱਤਾ ਹੈ। ਅਕਾਲੀ ਆਗੂ ਨੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਅਤੇ ਪਾਰਟੀ ਦੀ ਬਾਕੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਜਿੱਤ ਵਾਸਤੇ ਦਿਨ-ਰਾਤ ਮਿਹਨਤ ਕੀਤੀ ਸੀ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਜਿੱਤ ਨੂੰ ਵਿਕਾਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ। ਸ੍ਰੀ ਬਾਦਲ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਜਿੱਤ ਦੀ ਵਧਾਈ ਦਿੱਤੀ।