ਲਹਿਰਾਗਾਗਾ, 5 ਸਤੰਬਰ

ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਸੁਖਬੀਰ ਸਿੰਘ ਬਾਦਲ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਉਹ ਪਾਰਟੀ ਤੇ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲਾ ਆਗੂ ਹੈ, ਜਿਸ ਕਰਕੇ ਉਨ੍ਹਾਂ ਦਾ ਬਾਦਲ ਦਲ ਨਾਲ ਸਮਝੌਤਾ ਨਹੀਂ ਹੋ ਸਕਦਾ। ਢੀਂਡਸਾ ਅਨੁਸਾਰ ਜਦੋਂ ਤੱਕ ਸੁਖਬੀਰ ਪਾਰਟੀ ਦੀ ਪ੍ਰਧਾਨਗੀ ਨਹੀਂ ਛੱਡਦੇ, ਉਦੋਂ ਤੱਕ ਅਕਾਲੀ ਦਲ ਕਾਮਯਾਬ ਨਹੀਂ ਹੋ ਸਕਦਾ।

ਢੀਂਡਸਾ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ। ਉਨ੍ਹਾਂ ਅਕਾਲੀ ਦਲ ਸੰਯੁਕਤ ਅਤੇ ਭਾਜਪਾ ਨੂੰ ਨੰਹੁ-ਮਾਸ ਦਾ ਰਿਸ਼ਤਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕੰਮ ਘੱਟ ਅਤੇ ਰੌਲਾ ਜ਼ਿਆਦਾ ਪਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਬੰਧਤ ਇਲਾਕੇ ਦੇ ਪੁਲੀਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰ ਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਚਾਹੀਦੀ ਹੈ।