ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਮਨਜ਼ੂਰ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਸਮੇਤ ਸਮੁੱਚੀ ਸਰਕਾਰ ਅਜਿਹੇ ਪ੍ਰਾਜੈਕਟਾਂ ਦੇ ਚੈੱਕ ਵੰਡ ਕੇ ਆਪਣੇ ਸਿਰ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਨਾ ਸਿਰਫ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਮਨਜ਼ੂਰ ਕੀਤਾ ਗਿਆ ਸੀ, ਸਗੋਂ ਇਨ੍ਹਾਂ ਪ੍ਰਾਜੈਕਟਾਂ ਵਾਸਤੇ ਇਸ ਤੋਂ ਪਹਿਲਾਂ 567 ਕਰੋੜ ਰੁਪਏ ਵੀ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕੱਲ੍ਹ ਹੀ ਅਬੋਹਰ ਵਿੱਚ ਪਹਿਲਾਂ ਤੋਂ ਚੱਲ ਰਹੀ ਵਾਟਰ ਸਪਲਾਈ ਅਤੇ ਸੀਵਰੇਜ ਸਕੀਮ ਦਾ ਦੁਬਾਰਾ ਉਦਘਾਟਨ ਕਰ ਕੇ ਅਬੋਹਰ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਸਕੀਮ ਅਕਾਲੀ-ਭਾਜਪਾ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਭ ਗੁਰਦਾਸਪੁਰ ਜ਼ਿਮਨੀ ਚੋਣ ਮਗਰੋਂ ਕਾਂਗਰਸ ਸਰਕਾਰ ਦੇ ਬਿਜਲੀ ਦਰਾਂ ਵਿੱਚ ਵਾਧਾ ਕਰਨ ਅਤੇ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਵਰਗੇ ਲੋਕ ਵਿਰੋਧੀ ਫੈਸਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਜਾ  ਰਿਹਾ ਹੈ