ਬਟਾਲਾ, 23 ਸਤੰਬਰ

ੲਿੱਥੇ ਅੱਜ ਗੁਰੂ ਨਾਨਕ ਦੇਵ ਜੀ ਦਾ 536ਵਾਂ ਵਿਆਹ ਪੁਰਬ ਸਮਾਗਮ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਭ ਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਸਿਧਾਂਤ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਉੱਤੇ ਚੱਲਣਾ ਚਾਹੀਦਾ ਹੈ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਗਿਆ, ਜਿੱਥੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਅੱਜ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸਤਕਰਤਾਰੀਆ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿੱਚ ਰੌਣਕਾਂ ਲੱਗੀਆਂ ਰਹੀਆਂ। ਇਸ ਦੌਰਾਨ ਕਈ ਥਾਵਾਂ ’ਤੇ ਸੰਗਤਾਂ ਵੱਲੋਂ ਰਖਾਏ ਅਖੰਡ ਪਾਠ ਦੇ ਭੋਗ ਪਾਏ ਗਏ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ। ਇਸੇ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਕੈਪਟਨ ਬਲਬੀਰ ਸਿੰਘ ਬਾਠ, ਐੱਸਜੀਪੀਸੀ ਮੈਂਬਰ ਜਥੇਦਾਰ ਗੁਰਨਾਮ ਸਿੰਘ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਹਾਜ਼ਰ ਸਨ। ਇਸ ਮੌਕੇ ਸੰਗਤ ਲਈ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ।