ਜਲੰਧਰ,  ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਸੰਤ ਸਮਾਜ ਦੀ ਪਹਿਲੀ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਨੂੰ ਮਨਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਜਿਨ੍ਹਾਂ ਰਸਤਿਆਂ ਤੋਂ ਗੁਰੂ ਨਾਨਕ ਦੇਵ ਜੀ ਲੰਘੇ ਸਨ, ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਾਮ ਦਿੱਤਾ ਜਾਵੇ। ਇਹ ਸੜਕਾਂ ਅੰਮ੍ਰਿਤਸਰ, ਖਡੂਰ ਸਾਹਿਬ, ਲੁਧਿਆਣਾ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਸਫਾਈ ਵੀ ਕਰਵਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸਾਲ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਪੂਰੇ ਦੇਸ਼ ਵਿੱਚੋਂ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਲਈ ਬੁਨਿਆਦੀ ਢਾਂਚੇ ਵਾਸਤੇ ਕੇਂਦਰ ਸਰਕਾਰ ਤੋਂ 2145.31 ਕਰੋੜ ਦੇ ਫੰਡ ਮੰਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਨੈਸ਼ਨਲ ਇੰਸਟੀਚਿਊਸ਼ਨ ਆਫ ਇੰਟਰਫੇਥ ਸਟੱਡੀ, ਗੁਰਦਾਸਪੁਰ ’ਚ 500 ਬਿਸਤਰਿਆਂ ਦਾ ਸੁਪਰ ਸਪੈਸ਼ਲਿਸਟ ਹਸਪਤਾਲ ਅਤੇ ਸੁਲਤਾਨਪੁਰ ਲੋਧੀ ਵਿੱਚ ਪਿੰਡ ਬੇਬੇ ਨਾਨਕੀ ਦਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ ਜੋ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਲਈ ਬਲਿਊ ਪ੍ਰਿੰਟ ਤਿਆਰ ਕਰੇਗੀ। ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਇਕ ਕਮੇਟੀ ਗਠਿਤ ਕੀਤੀ ਗਈ ਹੈ ਜੋ ਸਮਾਗਮਾਂ ਦੀ ਨਿਗਰਾਨੀ ਕਰੇਗੀ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸੰਤ ਸਮਾਜ ਕੋਲੋਂ ਇਨ੍ਹਾਂ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਕੀਮਤੀ ਸੁਝਾਅ ਮੰਗੇ। ਇਸ ਮੌਕੇ ਨਿਰਮਲਾ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੇ ਸ੍ਰੀਮਹੰਤ ਗਿਆਨ ਦੇਵ ਸਿੰਘ, ਸੰਤ ਸਮਾਜ ਵਿੱਚੋਂ ਬਾਬਾ ਸਰਬਜੋਤ ਸਿੰਘ ਬੇਦੀ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਦਇਆ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ, ਮਹਾਤਮਾ ਮੁਨੀ ਖੈੜਾ ਬੇਟ, ਸੰਤ ਸੁਖਜੀਤ ਸਿੰਘ, ਸੰਤ ਜਗਜੀਤ ਸਿੰਘ ਹਰਖੋਵਾਲ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਵਿਜੇਇੰਦਰ ਸਿੰਗਲਾ, ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਤਾਂ-ਮਹਾਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਪਵਿੱਤਰ ਕਾਲੀ ਵੇਈਂ ਦੇ ਰਹਿੰਦੇ ਅਧੂਰੇ ਕਾਰਜਾਂ ਸਬੰਧੀ ਇਕ ਪੱਤਰ ਵੀ ਸੌਂਪਿਆ ਜਿਸ ਬਾਰੇ ਮੁੱਖ ਮੰਤਰੀ ਨੇ ਉਚੇਚੀ ਮੀਟਿੰਗ ਬੁਲਾਉਣ ਦਾ ਭਰੋਸਾ ਦਿੱਤਾ।

ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦਾ ਉਠਿਆ ਮਾਮਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਬੈਠੇ ਸੰਤਾਂ ਵਿੱਚੋਂ ਇਕ ਮਹਾਪੁਰਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫ਼ਲ ਹੋਵੇਗਾ ਜਦੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਮਾਮਲੇ ਵਿੱਚ ਜਿਹੜੇ ਵੀ ਅਫ਼ਸਰ ਜਾਂ ਹੋਰ ਲੋਕ ਸ਼ਾਮਲ ਹਨ, ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।