ਤਲਵੰਡੀ ਸਾਬੋ, 
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਮਨਫ਼ੀ ਕਰਨ ਦੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਜੇ ਹਿੰਦੁਸਤਾਨ ਦੇ ਇਤਿਹਾਸ ਵਿੱਚੋਂ ਸਿੱਖਾਂ ਦਾ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਕੱਢ ਦਿੱਤਾ ਜਾਵੇ ਤਾਂ ਹਿੰਦੁਸਤਾਨ ਦਾ ਇਤਿਹਾਸ ‘ਅਪਾਹਜ’ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ 98 ਫ਼ੀਸਦੀ ਕੁਰਬਾਨੀਆਂ ਸਿੱਖਾਂ ਜਾਂ ਪੰਜਾਬੀਆਂ ਨੇ ਦਿੱਤੀਆਂ ਹਨ, ਪਰ ਮੰਦਭਾਗੀ ਗੱਲ ਹੈ ਕਿ ਅੱਜ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲਿਆਂ ਦੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਕਿਹਾ ਕਿ ਸਿੱਖ ਇਤਿਹਾਸ ਤੇ ਪੰਜਾਬ ਦੇ ਇਤਿਹਾਸ ਨੂੰ ਬਾਰ੍ਹਵੀਂ ਦੇ ਸਿਲੇਬਸ ਵਿੱਚ ਦੁਬਾਰਾ ਸ਼ਾਮਲ ਕੀਤਾ ਜਾਵੇ।