ਪਟਿਆਲਾ/ਰਾਜਪੁਰ/ਸਮਾਣਾ/ਪਾਤੜਾਂ, 30 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਕਮ- ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ 4 ਸਥਾਨਾਂ ਦਾ ਦੌਰਾ ਕਰਕੇ ਤਾਇਨਾਤ ਸਟਾਫ਼ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਸਟਾਫ਼ ਨੂੰ ਸਿਖਲਾਈ ਦੇਣ ਉਪਰੰਤ ਡਿਊਟੀਆਂ ਸੌਂਪੀਆਂ ਗਈਆਂ ਹਨ ਅਤੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ‘ਚ ਉਨ੍ਹਾਂ ਵਿਅਕਤੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ ਜਿਨ੍ਹਾਂ ਕੋਲ ਸਰਕਾਰ ਵੱਲੋਂ ਜਾਰੀ ਪਾਸ ਹੋਵੇਗਾ ਅਤੇ ਪਟਿਆਲਾ ਜ਼ਿਲ੍ਹੇ ਦੀ ਹੱਦ ‘ਤੇ ਉਨ੍ਹਾਂ ਦਾ ਸਾਰਾ ਰਿਕਾਰਡ ਆਨ-ਲਾਈਨ ਅਪਡੇਟ ਕੀਤਾ ਜਾਵੇਗਾ ਅਤੇ ਮੈਡੀਕਲ ਟੀਮਾਂ ਵੱਲੋਂ ਮੌਕੇ ‘ਤੇ ਹੀ ਹਰੇਕ ਬਾਹਰੋਂ ਆਉਣ ਵਾਲੇ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਨਿਰਧਾਰਤ ਕੀਤੇ ਗਏ ਚਾਰ ਐਂਟਰੀ ਪੁਆਇੰਟਾਂ ਲਈ ਨੋਡਲ ਅਫ਼ਸਰਾਂ, ਮੈਡੀਕਲ ਇੰਚਾਰਜਾਂ, ਸਿੱਖਿਆ ਵਿਭਾਗ ਸਮੇਤ ਆਬਕਾਰੀ ਅਤੇ ਪੁਲਿਸ ਇੰਚਾਰਜਾਂ ਦੀਆਂ ਸਾਂਝੀਆਂ ਟੀਮਾਂ ਬਣਾਕੇ ਇਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸਰਕਾਰੀ ਡਿਊਟੀ ਕਰ ਰਹੇ ਅਤੇ ਅਧਿਕਾਰਤ ਡਿਊਟੀ ਪਾਸਾਂ ਵਾਲਿਆਂ ਸਮੇਤ ਕਮਰਸ਼ੀਅਲ ਵਹੀਕਲ ਜੋ ਕਿ ਜਰੂਰੀ ਵਸਤਾਂ ਲੈ ਕੇ ਕਿਸੇ ਦੂਜੇ ਰਾਜ ਲਈ ਪੰਜਾਬ ਵਿੱਚੋਂ ਲੰਘ ਕੇ ਜਾ ਰਹੇ ਹੋਣ ਨੂੰ ਸਕਰੀਨਿੰਗ ਤੋਂ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ‘ਚ ਆਉਣ ਵਾਲੇ ਯਾਤਰੀ ਦਾ ਰਿਕਾਰਡ ਰੱਖਣ ਲਈ ਜ਼ਿਲ੍ਹੇ ਦੇ ਦਾਖਲਾ ਪੁਆਇੰਟ ਕੌਮੀ ਸ਼ਾਹਰਾਹ ਸ਼ੰਭੂ, ਪਿਹੋਵਾ-ਦੇਵੀਗੜ੍ਹ ਰੋਡ ਰੋਹੜ ਜੰਗੀਰ, ਸਮਾਣਾ-ਚੀਕਾਂ ਰੋਡ ਧਰਮੇੜੀ ਤੇ ਢਾਬੀ ਗੁੱਜਰਾਂ ਪਾਤੜਾਂ ਵਿਖੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਆਉਣ ਵਾਲੇ ਹਰੇਕ ਯਾਤਰੀ ਦਾ ਪੂਰਾ ਰਿਕਾਰਡ ਰੱਖ ਰਹੀਆਂ ਹਨ।
ਇਸ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ‘ਚ ਦਾਖਲ ਹੋਣ ਵਾਲੇ ਸਾਰੇ ਯਾਤਰੀਆਂ ਦਾ ਰਿਕਾਰਡ ਨਾਲ ਦੀ ਨਾਲ ਪੋਰਟਲ ‘ਤੇ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਹੋਰਨਾਂ ਰਾਜਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਣ ਵਾਲੇ ਯਾਤਰੀਆਂ ਸਬੰਧੀ ਸਬੰਧਤ ਡਿਪਟੀ ਕਮਿਸ਼ਨਰਜ਼ ਨੂੰ ਸੂਚਿਤ ਕੀਤਾ ਜਾ ਸਕੇ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ‘ਚ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ ਚਾਰ ਸਥਾਨਾਂ ਤੋਂ ਇਲਾਵਾ ਕਿਸੇ ਵੀ ਹੋਰ ਸਥਾਨ ਰਾਹੀਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ਨਹੀਂ ਹੋਵੇਗੀ ਅਤੇ ਬਿਨ੍ਹਾਂ ਪਾਸ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਦਾਖਲਾਂ ਨਹੀਂ ਦਿੱਤਾ ਜਾਵੇਗੀ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਡੀ.ਐਸ.ਪੀ. ਘਨੌਰ ਮਨਪ੍ਰੀਤ ਸਿੰਘ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਡੀ.ਐਸ.ਪੀ. ਦਿਹਾਤੀ ਅਜੇਪਾਲ ਸਿੰਘ, ਐਕਸੀਐਨ ਪੰਚਾਇਤੀ ਰਾਜ ਤੇਜਿੰਦਰ ਸਿੰਘ ਮੁਲਤਾਨੀ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ, ਐਕਸੀਐਨ ਲੋਕ ਨਿਰਮਾਣ ਨਵੀਨ ਮਿੱਤਲ ਡੀ.ਐਸ.ਪੀ. ਪਾਤੜਾਂ ਦਲਬੀਰ ਸਿੰਘ ਸਮੇਤ ਡਿਊਟੀ ‘ਤੇ ਹੋਰ ਸਟਾਫ਼ ਮੌਜੂਦ ਸੀ।