ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੱਸ ਦੇਈਏ ਬੀਤੇ ਦਿਨੀਂ ਹੋਈ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਦਾ ਅਕਾਲੀ ਦਲ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਵਿਰੋਧੀ ਧਿਰਾਂ ਵੱਲੋਂ ਵੀ ਇਸ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਬਿਨਾਂ ਸਰਚ ਵਾਰੰਟ ਦਿਖਾਏ ਇਹ ਕਾਰਵਾਈ ਬਿਕਰਮ ਮਜੀਠੀਆ ‘ਤੇ ਕੀਤੀ ਗਈ। ਵਿਜੀਲੈਂਸ ਵੱਲੋਂ ਮਜੀਠੀਆ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਾਲੀ ਰਿਹਾਇਸ਼ ‘ਤੇ ਰੇਡ ਕੀਤੀ ਗਈ ਸੀ।
ਪੰਜਾਬ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਦਰਜ FIR ਨੰਬਰ 02/2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅਤੇ ਵਿਜੀਲੈਂਸ ਬਿਊਰੋ ਦੁਆਰਾ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 540 ਕਰੋੜ ਤੋਂ ਵੱਧ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦਾ ਖੁਲਾਸਾ ਹੋਇਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਬੀਤੇ ਕੱਲ੍ਹ ਦੱਸਿਆ ਸੀ ਕਿ ਵਿਜੀਲੈਂਸ ਬਿਊਰੋ ਨੇ ਇਹ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਐਫਆਈਆਰ ਨੰ. 02, ਮਿਤੀ 20-12-2021 ਨੂੰ ਪੀਐਸ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ ਧਾਰਾ 25, 27-ਏ ਅਤੇ 29 ਐਨਡੀਪੀਐਸ ਐਕਟ 1985 ਅਧੀਨ ਦਰਜ ਕੀਤੇ ਗਏ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਡਰੱਗ ਮਨੀ ਦੀ ਵੱਡੇ ਪੱਧਰ ‘ਤੇ ਲਾਂਡਰਿੰਗ ਦੇ ਸੰਕੇਤ ਦੇਣ ਵਾਲੇ ਕਾਫ਼ੀ ਸਬੂਤ ਸਾਹਮਣੇ ਆਏ ਹਨ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਐਸਆਈਟੀ ਅਤੇ ਵਿਜੀਲੈਂਸ ਬਿਊਰੋ ਵੱਲੋਂ 22 ਵਿਅਕਤੀਆਂ ਦੀਆਂ 03 ਥਾਵਾਂ ‘ਤੇ ਤਲਾਸ਼ੀ ਅਤੇ ਜ਼ਬਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 30 ਤੋਂ ਵੱਧ ਮੋਬਾਈਲ ਫੋਨ, 05 ਲੈਪਟਾਪ, 03 ਆਈਪੈਡ, 02 ਡੈਸਕਟਾਪ, ਕਈ ਡਾਇਰੀਆਂ, ਕਈ ਜਾਇਦਾਦ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਦੇ ਕਈ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬਣਦੀ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ, ਤਲਾਸ਼ੀਆਂ ਅਤੇ ਜ਼ਬਤੀਆਂ ਕੀਤੀਆਂ ਜਾਣਗੀਆਂ।