ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਲਗਾਤਾਰ ਵੱਧ ਰਹੀਆਂ ਹਨ। ਮਜੀਠੀਆ ਵਿਰੁੱਧ ਲੋਕਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਨੇ ਹਰਿਆਣਾ, ਯੂਪੀ, ਦਿੱਲੀ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਹੁਣ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੀ ਮਜੀਠੀਆ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਿਹਾ ਹੈ।

ਨਾਰਕੋਟਿਕਸ ਕੰਟਰੋਲ ਬਿਊਰੋ (NCB) ਪੰਜਾਬ ‘ਚ ਡਰੱਗ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਹੁਣ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਐੱਨਸੀਬੀ ਪੰਜਾਬ ‘ਚ ਅਕਾਲੀ ਸਰਕਾਰ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਸ਼ਿਕੰਜਾ ਕੱਸਣ ਜਾ ਰਿਹਾ ਹੈ। ਹਾਲਾਕਿ ਮਜੀਠੀਆ ਅਜੇ ਵੀ ਵਿਜੀਲੈਂਸ ਦੀ ਹਿਰਾਸਤ ‘ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਨਸੀਬੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਤੋਂ ਹੁਕਮ ਮਿਲੇ ਹਨ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ‘ਚ ਉਸ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਦਸਣਯੋਗ ਹੈ ਕਿ ਡਰੱਗ ਤਸਕਰੀ ਦੇ ਦੋਸ਼ ਵਿਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਪਹਿਲਾਂ ਹੀ ਇਕ ਕੇਸ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਐਨਸੀਬੀ ਨੇ ਪੰਜਾਬ ‘ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ। ਜਦੋਂ ਐਨਸੀਬੀ ਨੇ ਉਪਰੋਕਤ ਮਾਮਲਿਆਂ ‘ਚ ਜਾਂਚ ਸ਼ੁਰੂ ਕੀਤੀ ਤਾਂ ਮੁਲਜ਼ਮਾਂ ਦੇ ਸੰਪਰਕ ਜੰਮੂ-ਕਸ਼ਮੀਰ, ਦਿੱਲੀ, ਹਰਿਆਣਾ ਅਤੇ ਉੱਤਰਾਖੰਡ ‘ਚ ਫੈਲੇ ਹੋਏ ਸਨ। ਐਨਸੀਬੀ ਨੇ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ‘ਚ ਸ਼ਾਮਲ ਇਕ ਦਰਜਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।