ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ -4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਕਰਮ ਮਜੀਠੀਆ ਦੇ ਹੱਕ ‘ਚ ਆਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ।

ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡਟ ਕੇ ਖੜ੍ਹਾ ਹੈ। ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਬੇਰਹਿਮ ਕੋਸ਼ਿਸ਼ਾਂ ਤੋਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਿਕ ਬਦਲਾਖੋਰੀ ਸ਼ੁਰੂ ਕੀਤੀ ਗਈ ਹੈ। ਅਸੀਂ ਇਸ ਦਾ ਡਟ ਕੇ ਮੁਕਾਬਲਾ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਝੂਠੇ ਮਾਮਲੇ ਦਰਜ ਕਰਨਾ ਇਕ ਅਪਰਾਧਿਕ ਕਾਰਵਾਈ ਹੈ। ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ ’ਤੇ ਢੁਕਵੇਂ ਸਮੇਂ ’ਤੇ ਕੀਤੀ ਜਾਵੇਗੀ। ਮੈਂ ਪੁਲਿਸ ਮੁਲਾਜ਼ਮਾਂ ਨੂੰ ਤਾਕੀਦ ਕਰਦਾ ਹਾਂ ਕਿ ਕਾਨੂੰਨ ਨਾ ਤੋੜਨ, ਕਿਉਂਕਿ ਗਾਰਡ ਬਦਲਣ ਵਿਚ ਸਿਰਫ਼ ਡੇਢ ਸਾਲ ਬਾਕੀ ਹੈ।