ਅਟਾਰੀ, 29 ਅਕਤੂਬਰ
ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਟਾਰੀ ਤੋਂ ਰੋਸ ਮਾਰਚ ਕੱਢਿਆ ਗਿਆ ਜੋ ਗੋਲਡਨ ਗੇਟ ’ਤੇ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਲੋਪੋਕੇ, ਰਣਬੀਰ ਸਿੰਘ ਰਾਣਾ ਲੋਪੋਕੇ, ਯੂਥ ਅਕਾਲੀ ਦਲ ਦੇ ਆਗੂ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਮਾਰਕੀਟ ਕਮੇਟੀ ਅਟਾਰੀ ਦੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਅਟਾਰੀ ਸਮੇਤ ਯੂਥ ਅਕਾਲੀ ਦਲ, ਸੋਈ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਰੋਸ ਮਾਰਚ ਵਿੱਚ ਸ਼ਾਮਲ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਣੇ ਹੋਰਨਾਂ ਸੂਬਿਆਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਸੰਘੀ ਢਾਂਚੇ ਦੀਆਂ ਸ਼ਕਤੀਆਂ ਆਪਣੇ ਹੱਥਾਂ ਵਿੱਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੁਰੰਤ ਇਸ ਮਾਲੇ ਬਾਰੇ ਕੈਬਨਿਟ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇਸੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸੀਮਾ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਵਧਾਉਣ ਨਾਲ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਵੇਗਾ।