ਚੰਡੀਗੜ, 29 ਅਗਸਤ :
ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਪਿੰਡ ਸਠਿਆਲੀ ਦੇ ਸਾਬਕਾ ਸਰਪੰਚ ਅਤੇ ਸਾਬਕਾ ਪੰਚਾਇਤ ਸੈਕਟਰੀ ਖਿਲਾਫ਼ ਬੁਢਾਪਾ ਅਤੇ ਵਿਧਵਾ ਪੈਨਸ਼ਨ ਲਗਵਾਉਣ ਵਿੱਚ ਹੇਰਾਫੇਰੀ ਕਰਨ ਦੇ ਮਾਮਲੇ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇੇ ਪਿੰਡ ਸਠਿਆਲੀ ਦੇ ਨਿਵਾਸੀ ਬਲਦੇਵ ਸਿੰਘ ਪੁਤਰ ਬਾਜ ਸਿੰਘ ਅਤੇ ਬਲਵਿੰਦਰ ਸਿੰਘ ਪੁਤਰ ਕੁੰਨਣ ਸਿੰਘ ਨੇ ਲ਼ਿਖਤੀ ਸ਼ਿਕਾਇਤ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਕੋਲ ਕੀਤੀ ਸੀ ।ਆਪਣੀ ਸ਼ਿਕਾਇਤ ਵਿੱਚ ਸ਼ਿਕਾਇਤ ਕਰਤਾਵਾਂ ਨੇ ਕਿਹਾ ਸੀ ਕਿ ਸਾਬਕਾ ਸਰਪੰਚ ਅਤੇ ਸਾਬਕਾ ਪੰਚਾਇਤ ਸੈਕਟਰੀ ਨੇ ਮਿਲੀਭੁਗਤ ਨਾਲ ਪਿੰਡ ਦੇ ਕਈ ਅਜਿਹੇ ਵਿਅਕਤੀਆਂ ਨੂੰ ਬੁਢਾਪਾ ਅਤੇ ਵਿਧਵਾ ਪੈਨਸ਼ਨ ਲਗਵਾ ਦਿੱਤੀ ਹੈ ਜੋ ਪੈਨਸ਼ਨ ਲੈਣ ਯੋਗ ਨਹੀਂ ਹਨ।
ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਮਿਸ਼ਨ ਵਲੋਂ ਇਸ ਸਬੰਧੀ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਤੋਂ ਇਸ ਸਬੰਧੀ ਰਿਪੋਰਟ ਤਲਬ ਕੀਤੀ ਸੀ। ਜਿਸ ਦੇ ਜੁਆਬ ਵਿਚ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਕਮਿਸ਼ਨ ਨੂੰ ਦੱਸਿਆ ਕਿ ਇਸ ਸਬੰਧੀ ਜਾਂਚ ਕਰਵਾਈ ਗਈ ਹੈ ਅਤੇ ਸ਼ਿਕਾਇਤ ਕਰਤਾ ਵਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪਿੰਡ ਸਠਿਆਲੀ ਦੇ ਸਾਬਕਾ ਸਰਪੰਚ ਸਤਨਾਮ ਸਿੰਘ ਅਤੇ ਸਾਬਕਾ ਪੰਚਾਇਤ ਸੈਕਟਰੀ ਸੁਖਦੇਵ ਸਿੰਘ ਖਿਲਾਫ਼ ਬੁਢਾਪਾ ਅਤੇ ਵਿਧਵਾ ਪੈਨਸ਼ਨ ਲਗਵਾਉਣ ਵਿੱਚ ਹੇਰਾਫੇਰੀ ਕਰਨ ਦੇ ਮਾਮਲੇ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।