ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਸਥਾਪਤ ਕੀਤੇ ਜਾਣਗੇ।
ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ। ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ, ਇਹ ਪਲਾਂਟ ਹਰ ਰੋਜ਼ ਪਸ਼ੂਆਂ ਦੇ 300 ਟਨ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। ਇਹ ਕੂੜੇ-ਕਰਕਟ ਨੂੰ ਬੁੱਢੇ ਨਾਲੇ ਵਿੱਚ ਦਾਖਲ ਹੋਣ ਤੋਂ ਰੋਕੇਗਾ, ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰੇਗਾ ਅਤੇ ਇਸ ਨਾਲ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਡੀ ਸਰਕਾਰ ਦੀ ਲੋਕ-ਪੱਖੀ ਪਹੁੰਚ ਸਾਡੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਰਹੇਗੀ।”
ਹੈਬੋਵਾਲ ਵਿਖੇ ਸੀਬੀਜੀ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇੱਥੇ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਮੈਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਐਚਪੀਸੀਐਲ (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ) ਦੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ। ਇਹ ਪਹਿਲਕਦਮੀ ਬੁੱਢੇ ਨਾਲੇ ਦੇ ਪੁਨਰ ਸੁਰਜੀਤੀ ਪ੍ਰੋਗਰਾਮ ਤਹਿਤ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹ ਪ੍ਰੋਜੈਕਟ 65 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ ਇਸ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।”
ਇਸ ਪ੍ਰੋਜੈਕਟ ਦੇ ਲਾਗੂਕਰਨ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ 2.5 ਏਕੜ ਜ਼ਮੀਨ ਪ੍ਰਦਾਨ ਕੀਤੀ ਗਈ ਹੈ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਪਸ਼ੂਆਂ ਦੇ ਲਗਭਗ 300 ਟਨ ਗੋਬਰ ਨੂੰ ਵਿਗਿਆਨਕ ਤੌਰ ‘ਤੇ ਪ੍ਰੋਸੈਸ ਅਤੇ ਨਿਪਟਾਰਾ ਕੀਤਾ ਜਾਵੇਗਾ। ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਬਿਨਾਂ ਸੋਧੇ ਗੋਬਰ ਅਤੇ ਰਹਿੰਦ-ਖੂੰਹਦ ਨੂੰ ਦਾਖਲ ਹੋਣ ਤੋਂ ਰੋਕੇਗਾ, ਜਿਸ ਨਾਲ ਪਾਣੀ ਦਾ ਪ੍ਰਦੂਸ਼ਣ ਘਟੇਗਾ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਹ ਪ੍ਰੋਜੈਕਟ ਡੇਅਰੀ ਕੰਪਲੈਕਸ ਵਿੱਚ ਅਤੇ ਇਸ ਦੇ ਆਲੇ ਦੁਆਲੇ ਸਫਾਈ ਵਿੱਚ ਵੀ ਵੱਡੇ ਪੱਧਰ ‘ਤੇ ਸੁਧਾਰ ਕਰੇਗਾ।”
ਪ੍ਰੋਜੈਕਟ ਦੇ ਆਰਥਿਕ ਲਾਭਾਂ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਜੈਕਟ ਨਾਲ ‘ਵੇਸਟ-ਟੂ-ਵੈਲਥ’ ਤਹਿਤ ਇਲਾਕੇ ਦੇ ਲਗਭਗ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਵਰਤੋਂ ਨਾਲ ਡੇਅਰੀ ਕਿਸਾਨਾਂ ਲਈ ਆਮਦਨ ਦੇ ਨਵੇਂ ਸਰੋਤ ਪੈਦਾ ਹੋਣਗੇ। ਇਹ ਪਲਾਂਟ ਜੈਵਿਕ ਬਾਇਓ-ਖਾਦ ਵੀ ਪੈਦਾ ਕਰੇਗਾ ਜਿਸ ਨਾਲ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟੇਗੀ, ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਕੰਪਰੈੱਸਡ ਬਾਇਓਗੈਸ ਪੈਦਾ ਕਰੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਪੈਦਾ ਹੋਣਗੇ।”
ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰੋਜੈਕਟ ਪੰਜਾਬ ਵਿੱਚ ਵਾਤਾਵਰਨ ਅਨੁਕੂਲ ਨਿਵੇਸ਼ ਨੂੰ ਵੀ ਵੱਡਾ ਹੁਲਾਰਾ ਦੇਵੇਗਾ। ਇਹ ਸਿਰਫ਼ ਇੱਕ ਗੈਸ ਪਲਾਂਟ ਨਹੀਂ ਹੈ; ਇਹ ਪੰਜਾਬ ਨੂੰ ਪ੍ਰਦੂਸ਼ਣ ਰਹਿਤ, ਹਰਿਆ-ਭਰਿਆ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”
ਸਾਫ਼-ਸੁਥਰੀ ਊਰਜਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ। ਮੈਂ ਲੋਕਾਂ ਨੂੰ ਇਹ ਵੀ ਅਪੀਲ ਕਰਦਾ ਹਾਂ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਗੰਦਾ ਪਾਣੀ ਨਾ ਪਾਇਆ ਜਾਵੇ ਤਾਂ ਜੋ ਮਨੁੱਖੀ ਭਲਾਈ ਲਈ ਇਹਨਾਂ ਸਰੋਤਾਂ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।”
