ਚੰਡੀਗੜ੍ਹ, 13 ਜੂਨ
ਆਮ ਆਦਮੀ ਪਾਰਟੀ (ਆਪ) ਨੇ ਅੱਜ ਵਿਧਾਇਕ ਬੁੱਧਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਬੁਧਰਾਮ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਇਸ ਦੇ ਨਾਲ ਹੀ ਪਾਰਟੀ ਨੇ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਹੈ। ਇਸ ਤਹਿਤ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਰਟੀ ਆਗੂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ ਜਦਕਿ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।