ਜਲੰਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਰਾਹੀਂ ਬਾਦਲਾਂ ਵੱਲੋਂ ਲੀਹੋਂ ਲਾਹੁਣ ਦੇ ਯਤਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸੀਬੀਆਈ ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਅਧੀਨ ਨਹੀਂ ਸਗੋਂ ਪ੍ਰਸੋਨਲ ਮੰਤਰਾਲੇ ਅਧੀਨ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਇਸ ਕੰਮ ਵਿਚ ਬਾਦਲਾਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਨਿਆਂ ਦੇ ਰਸਤੇ ਵਿਚ ਰੋੜੇ ਅਟਕਾ ਰਹੇ ਹਨ। ਉਨ੍ਹਾਂ ਆਪ ਹੀ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਨੂੰ ਕਿਉਂ ਸੌਂਪੀ ਗਈ ਸੀ, ਇਸ ਬਾਰੇ ਬਾਦਲਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।
ਸੁਲਤਾਨਪੁਰ ਲੋਧੀ ’ਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਕੇਂਦਰ ਸਰਕਾਰ ਨੂੰ ਇਹ ਜਾਂਚ ਸੀਬੀਆਈ ਕੋਲੋਂ ਵਾਪਸ ਲੈ ਕੇ ਐੱਸਆਈਟੀ ਨੂੰ ਦੇਣ ਦੀ ਮਨਜ਼ੂਰੀ ਦੇਣੀ ਚਾਹੀਦੀ ਹੈ। ਜਦੋਂ ਮੁੱਖ ਮੰਤਰੀ ਪੰਜਾਬ ਨੂੰ ਇਹ ਸਵਾਲ ਕੀਤਾ ਗਿਆ ਕਿ ਕਲੋਜ਼ਰ ਰਿਪੋਰਟ ਦਾਖਲ ਕਰਨ ਪਿੱਛੋਂ ਹੁਣ ਇਹ ਜਾਂਚ ਐੱਸਆਈਟੀ ਨੂੰ ਸੌਂਪਣ ਤੋਂ ਕੌਣ ਰੋਕ ਰਿਹਾ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਬੀਆਈ ਸਿੱਧੇ ਤੌਰ ’ਤੇ ਗ੍ਰਹਿ ਮੰਤਰਾਲੇ ਦੀ ਥਾਂ ਪ੍ਰਸੋਨਲ ਮੰਤਰਾਲੇ ਕੋਲ ਕੰਮ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਇਸ ਵਿੱਚ ਅੜਿੱਕੇ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਿਹਾ ਹੈ ਕਿ ਬੇਅਦਬੀ ਕਾਂਡ ਦੀ ਜਾਂਚ ’ਚ ਬਾਦਲ ਅੜਿੱਕੇ ਡਾਹ ਰਹੇ ਹਨ। ਛੇ ਵਿਧਾਇਕਾਂ ਨੂੰ ਸਲਾਹਕਾਰ ਲਾਉਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 12,700 ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਰੱਖਣਾ ਸੰਭਵ ਨਹੀਂ ਹੈ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਵੇਂ ਅਹੁਦੇਦਾਰ ਜ਼ਮੀਨੀ ਹਕੀਕਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿਚ ਸਹਿਯੋਗ ਦੇਣਗੇ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਰੇਤੇ ਦੀਆਂ ਖੱਡਾਂ ਤੋਂ ਅਕਾਲੀ ਭਾਜਪਾ ਸਰਕਾਰ ਸਮੇਂ 32 ਕਰੋੜ ਦਾ ਮਾਲੀਆ ਹੀ ਇਕੱਠਾ ਹੁੰਦਾ ਸੀ, ਇਸ ਵਾਰ ਇਹ ਰਕਮ 306 ਕਰੋੜ ਰੁਪਏ ਹੋ ਗਈ ਹੈ।
ਮੁੱਖ ਮੰਤਰੀ ਨੇ ਇਸ ਗੱਲ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰਿਆ ਕਿ ਸੂਬੇ ਵਿਚੋਂ ਨਾ ਤਾਂ ਗੈਰ ਕਾਨੂੰਨੀ ਮਾਈਨਿੰਗ ਰੁਕੀ ਹੈ ਤੇ ਨਾ ਹੀ ਨਸ਼ੇ ਬੰਦ ਹੋਏ ਹਨ ਪਰ ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਉੱਪਰ ਸਖਤੀ ਵਰਤੇ ਜਾਣ ਨਾਲ ਕੰਟਰੋਲ ਜ਼ਰੂਰ ਹੋ ਗਿਆ ਹੈ।