ਐਸਏਐਸ ਨਗਰ (ਮੁਹਾਲੀ), ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੋਟਾਂ ਬਟੋਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਦੀ ਸਾਜਿਸ਼ ਰਚਣ ਵਾਲਿਆਂ ਕੋਲੋਂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਸਮੇਂ ਇਨ੍ਹਾਂ ਘਟਨਾਵਾਂ ਲਈ ਜਵਾਬ ਜ਼ਰੂਰ ਮੰਗਣ। ਉਹ ਅੱਜ ਇੱਥੋਂ ਦੇ ਫੇਜ਼ ਇੱਕ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਉਮੀਦਵਾਰਾਂ ਦੀ ਚੋਣ ਸਬੰਧੀ ਸੱਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਅਕਾਲੀ ਦਲ ਦੇ ਚੋਟੀ ਦੇ ਆਗੂਆਂ ਦਾ ਹੱਥ ਸੀ ਅਤੇ ਇਹਨਾਂ ਨੂੰ ਪੰਜਾਬ ਦੀ ਅਕਾਲੀ ਸਰਕਾਰ ਦਾ ਪੂਰਾ-ਪੂਰਾ ਥਾਪੜਾ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਦਾ ਇਹ ਫਰਜ਼ ਬਣਦਾ ਹੈ ਕਿ ਆਪਣੇ ਆਪ ਨੂੰ ਪੰਥਕ ਹਿਤੈਸ਼ੀ ਦੱਸਣ ਵਾਲਿਆਂ ਤੋਂ ਉਨ੍ਹਾਂ ਦੇ ਕਾਰਨਾਮਿਆਂ ਸਬੰਧੀ ਜ਼ਰੂਰ ਸਵਾਲ ਕਰਨ।
ਇਸ ਮੌਕੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਚੌਧਰੀ ਹਰਨੇਕ ਸਿੰਘ ਨੇਕੀ, ਚੌਧਰੀ ਰਿਸ਼ੀ ਪਾਲ ਸਨੇਟਾ, ਸ਼ੇਰ ਸਿੰਘ ਦੈੜੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਰਣਜੀਤ ਸਿੰਘ ਗਿੱਲ ਜਗਤਪੁਰਾ, ਛੱਜਾ ਸਿੰਘ ਸਰਪੰਚ ਕੁਰੜੀ, ਹਰਚੰਦ ਸਿੰਘ ਗਿੱਲ ਸਾਬਕਾ ਸਰਪੰਚ ਲਾਡਰਾਂ ਹਾਜ਼ਰ ਸਨ।

ਸਿੱਧੂ ਨੂੰ ਦਿੱਤਾ ਉਮੀਦਵਾਰਾਂ ਦੀ ਚੋਣ ਦਾ ਅਧਿਕਾਰ

ਕਾਂਗਰਸੀ ਵਰਕਰਾਂ ਨੇ ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਸਮੁੱਚੇ ਜ਼ੋਨਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਮੁੱਚੇ ਅਧਿਕਾਰ ਦਿੱਤੇ ਹਨ। ਸ੍ਰੀ ਸਿੱਧੂ ਨੇ ਆਖਿਆ ਕਿ ਪੜ੍ਹੇ-ਲਿਖੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ।