ਸੰਗਰੂਰ, 19 ਅਪਰੈਲ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਬੇਅਦਬੀ ਮਾਮਲਿਆਂ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ। ਇਸ ਕਮਿਸ਼ਨ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਕਰ ਰਹੇ ਹਨ।
ਪਿੰਡ ਰਸਾਲਦਾਰ ਛੰਨਾ, ਮਹਿਲਾਂ ਤੇ ਖਡਿਆਲ ਦੇ ਦੌਰੇ ਦੌਰਾਨ ਜਸਟਿਸ ਰਣਜੀਤ ਸਿੰਘ, ਸੰਯੁਕਤ ਡਾਇਰੈਕਟਰ (ਪ੍ਰੌਸੀਕਿਊਸ਼ਨ) ਅੰਗਰੇਜ਼ ਸਿੰਘ ਤੇ ਸਾਬਕਾ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਕਮ ਰਜਿਸਟਰਾਰ ਜੇ. ਪੀ. ਮਹਿਮੀ ਨਾਲ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਤੋਂ ਘਟਨਾਵਾਂ ਬਾਰੇ ਜਾਣਕਾਰੀ ਲਈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਬੰਧਤ ਪੁਲੀਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਕਮਿਸ਼ਨ ਨੇ ਸਭ ਤੋਂ ਪਹਿਲਾਂ ਪਿੰਡ ਮਹਿਲਾਂ ਵਿੱਚ ਅਗਸਤ-2016 ਵਿੱਚ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ ਵਿੱਚ ਪੜਤਾਲ ਕੀਤੀ। ਇਸ ਤੋਂ ਬਾਅਦ ਕਮਿਸ਼ਨ ਨੇ ਪਿੰਡ ਖਡਿਆਲ ਅਤੇ ਰਸਾਲਦਾਰ ਛੰਨਾ ਵਿੱਚ ਵੀ ਘਟਨਾ ਸਥਾਨਾਂ ਦਾ ਦੌਰਾ ਕਰਕੇ ਲੋਕਾਂ ਦੇ ਬਿਆਨ ਲਏ। ਇਨ੍ਹਾਂ ਪਿੰਡਾਂ ਵਿੱਚ 2015 ਤੋਂ 2017 ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਕਮਿਸ਼ਨ ਦੀ ਅਗਵਾਈ ਕਰ ਰਹੇ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਾਫ਼ੀ ਜ਼ਿਲ੍ਹਿਆ ਵਿੱਚ ਪਹੁੰਚ ਕੇ ਰਿਪੋਰਟ ਇਕੱਤਰ ਕਰ ਲਈ ਹੈ ਤੇ ਰਹਿੰਦੇ ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਮਾਨਸਾ, ਗੁਰਦਾਸਪੁਰ ਤੇ ਤਰਨ ਤਾਰਨ ਆਦਿ ਦਾ ਦੌਰਾ ਕਰਕੇ ਮਈ ਮਹੀਨੇ ਤੱਕ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਨਿਰਪੱਖ ਜਾਂਚ ਕਰਕੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਮਿਸ਼ਨ ਕੋਲ ਪੇਸ਼ ਨਾ ਹੋਣ ਬਾਰੇ ਪੁੱਛੇ ਜਾਣ ’ਤੇ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਪੜਤਾਲ ਦੌਰਾਨ ਲੋੜ ਪੈਣ ’ਤੇ ਹੀ ਸ੍ਰੀ ਬਾਦਲ ਨੂੰ ਜਵਾਬ ਦੇਣ ਲਈ ਕਿਹਾ ਸੀ, ਪਰ ਆਉਣਾ-ਨਾ ਆਉਣਾ ਉਨ੍ਹਾਂ ਦੀ ਮਰਜ਼ੀ ਹੈ।