ਬਠਿੰਡਾ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬੇਅਦਬੀ ਮਾਮਲਿਆਂ ਵਿੱਚ ਕਿਹਾ ਕਿ ਡੇਰਾ ਪ੍ਰੇਮੀਆਂ ਨੇ ਸਰਕਾਰੀ ਗੱਡੀਆਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਪ੍ਰਦੀਪ ਅਤੇ ਸੰਦੀਪ ਨੂੰ ਬਾਦਲ ਸਰਕਾਰ ਵੇਲੇ ਸਕੌਡਾ ਗੱਡੀਆਂ ਤੇ ਜਿਪਸੀਆਂ ਮੁਹੱਈਆ ਕਰਵਾਈਆਂ ਗਈਆਂ ਸਨ, ਜਿਨ੍ਹਾਂ ਰਾਹੀ ਡੇਰਾ ਪ੍ਰੇਮੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇੱਥੇ ਸਰਕਟ ਹਾਊਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਬਿਤ ਹੋ ਚੁੱਕਿਆ ਹੈ ਕਿ ਸਾਰੀ ਸਾਜ਼ਿਸ਼ ਆਰਐੱਸਐੱਸ ਦੇ ਇਸ਼ਾਰੇ ’ਤੇ ਬਾਦਲ ਸਰਕਾਰ ਅਤੇ ਡੇਰਾ ਸਿਰਸਾ ਨੇ ਮਿਲ ਕੇ ਰਚੀ ਸੀ।
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਡੇਰਾ ਸਿਰਸਾ ਮੁਖੀ ਦਾ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛ-ਗਿੱਛ ਕੀਤੀ ਜਾਵੇ। ਉਨ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਰਿਪੋਰਟ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੜਤਾਲੀਆ ਰਿਪੋਰਟ ਤਾਂ ਹੀ ਇਨਸਾਫ਼ ਦੇ ਸਕਦੀ ਹੈ, ਜੇਕਰ ਬਾਦਲ ਰਾਜ ਵੇਲੇ ਬੇਅਦਬੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪ੍ਰੇਮੀਆਂ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਵਾਲੇ ਅਫ਼ਸਰਾਂ, ਡਿਪਟੀ ਕਮਿਸ਼ਨਰਾਂ ਸਮੇਤ ਜ਼ਿੰਮੇਵਾਰ ਉੱਚ ਅਫ਼ਸਰਾਂ ਤੇ ਸਰਕਾਰ ਦੇ ਨੁਮਾਇੰਦਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਨੂੰ ਛੱਡ ਕੇ ਕਈ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਅਫ਼ਗਾਨਿਸਤਾਨ ਵਿੱਚ ਸਿੱਖਾਂ ’ਤੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਆਈਐਸਆਈ ਦਾ ਕਾਰਾ ਦੱਸਿਆ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ ਮਹਿੰਦਰ ਸਿੰਘ ਖ਼ਾਲਸਾ, ਹਰਫੂਲ ਸਿੰਘ ਬਠਿੰਡਾ, ਰਜਿੰਦਰ ਸਿੰਘ ਜਵਾਹਰਕੇ, ਰੇਸ਼ਮ ਸਿੰਘ ਯਾਤਰੀ, ਸਿਮਰਨਜੋਤ ਸਿੰਘ ਖਾਲਸਾ, ਗੁਰਜੰਟ ਸਿੰਘ ਤੇ ਸੁਖਦੇਵ ਸਿੰਘ ਕਾਲਾ ਵੀ ਹਾਜ਼ਰ ਸਨ।