ਫਰੀਦਕੋਟ, 24 ਨਵੰਬਰ

ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਚੇਅਰਪਰਸਨ ਨੂੰ 26 ਨਵੰਬਰ ਨੂੰ ਲੁਧਿਆਣਾ ਸੱਦਿਆ ਹੈ। ਦੋ ਹਫਤੇ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਤਿੰਨ ਬੇਅਦਬੀ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਸੀ। ਰਾਮ ਰਹੀਮ ਤੋਂ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੀ ਚੋਰੀ ਤੇ ਹੋਰ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਸੀ ਜਿਸ ਬਾਰੇ ਉਸ ਨੇ ਕਿਹਾ ਸੀ ਕਿ ਉਸ ਦੀ ਬੇਅਦਬੀ ਮਾਮਲਿਆਂ ਵਿਚ ਕੋਈ ਸ਼ਮੂਲੀਅਤ ਨਹੀਂ ਹੈ। ਸਿੱਟ ਟੀਮ ਦੇ ਮੁਖੀ ਤੇ ਆਈਜੀ ਸੁਰਿੰਦਰ ਸਿੰਘ ਪਰਮਾਰ ਨੇ ਦੱਸਿਆ ਕਿ ਸਿੱਟ ਨੇ ਅੱਜ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਤੇ ਸੀਨੀਅਰ ਵਾਈਸ ਚੇਅਰਪਰਸਨ ਡਾ. ਪੀ ਆਰ ਨੈਨ ਨੂੰ ਸੰਮਨ ਕੀਤੇ ਹਨ।