ਚੰਡੀਗੜ੍ਹ, 7 ਅਪਰੈਲ
ਆਮ ਆਦਮੀ ਪਾਰਟੀ ਦਾ ਇੱਕ ਸਾਲ ਪੂਰਾ ਹੋਣ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਪੰਜਾਬ ‘ਚ ਜੀਐੱਸਟੀ ਉਗਰਾਹੀ ‘ਚ 16.6 ਫੀਸਦੀ ਵਾਧਾ ਹੋਇਆ ਹੈ, ਜੋ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਆਬਕਾਰੀ ਨੀਤੀ ਸਰਕਾਰ ਬਣਨ ਤੋਂ ਤਿੰਨ ਮਹੀਨੇ ਬਾਅਦ ਆਈ ਹੈ। ਇਸ ਦੇ ਬਾਵਜੂਦ ਸਰਕਰ ਨੇ ਪਿਛਲੇ ਵਿੱਤੀ ਸਾਲ ਵਿੱਚ 8,841 ਕਰੋੜ ਰੁਪਏ ਇਕੱਠੇ ਕੀਤੇ, ਜੋ ਉਸ ਤੋਂ ਪਿਛਲੇ ਵਿੱਤੀ ਸਾਲ ਨਾਲੋਂ 2,587 ਕਰੋੜ ਰੁਪਏ ਵੱਧ ਹੈ। ਸਰਕਾਰ ਦਾ ਟੀਚਾ ਇਸ ਨੂੰ 10,000 ਕਰੋੜ ਰੁਪਏ ਤੱਕ ਲੈ ਕੇ ਜਾਣ ਦਾ ਹੈ। ਸਰਕਾਰ ਨੇ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਵਿੱਚ 60 ਫੀਸਦੀ ਜ਼ਮੀਨ ਦੀ ਗਿਰਦਾਵਰੀ ਪੂਰੀ ਕਰ ਲਈ ਹੈ। ਪਿਛਲੀਆਂ ਸਰਕਾਰਾਂ ਦੇ ਉਲਟ ਜਦੋਂ ਸਾਲਾਂ ਤੱਕ ਗਿਰਦਾਵਰੀ ਦੀ ਰਿਪੋਰਟ ਵੀ ਨਹੀਂ ਆਈ ਪਰ ਇਸ ਵਾਰ ਵਿਸਾਖੀ ‘ਤੇ ਮੁਆਵਜ਼ੇ ਦੇ ਚੈੱਕ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ ਵੀ ਸਰਕਾਰ ਪਹਿਲਾਂ ਹੀ ਪੀਐੱਸਪੀਸੀਐੱਲ ਨੂੰ 20,200 ਕਰੋੜ ਰੁਪਏ ਦੀ ਸਾਰੀ ਰਕਮ ਦੇ ਚੁੱਕੀ ਹੈ। ਝੋਨਾ ਲਾਉਣ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ ਅਤੇ ਉਦਯੋਗਾਂ ‘ਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।