ਨਵੀਂ ਦਿੱਲੀ, 14 ਜੂਨ
ਮਹਿਲਾ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸਿੰਘ ’ਤੇ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਕੇਸ ਵਿੱਚ ਦਿੱਲੀ ਪੁਲੀਸ ਅੱਜ ਚਾਰਜਸ਼ੀਟ ਦਾਖਲ ਕਰ ਸਕਦੀ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ 7 ਜੂਨ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨਾਂ ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਸ ਕੇਸ ’ਚ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਜਿਸ ਮਗਰੋਂ ਪਹਿਲਵਾਨਾਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਸੀ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਕਿਉਂਕਿ ਕੇਂਦਰੀ ਮੰਤਰੀ ਨੇ ਪਹਿਲਵਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਇਸ ਕੇਸ ’ਚ 15 ਜੂਨ ਤੱਕ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ, ਇਸ ਲਈ ਅਸੀਂ ਇਸ ਦਾ ਪਾਲਣ ਕਰਾਂਗੇ।’ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਇਨ੍ਹਾਂ ਕਥਿਤ ਜਿਨਸੀ ਛੇੜਛਾੜ ਦੀਆਂ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਪੰਜ ਮੁਲਕਾਂ ਦੀਆਂ ਕੁਸ਼ਤੀ ਫੈਡਰੇਸ਼ਨਾਂ ਨੂੰ ਵੀ ਪੱਤਰ ਲਿਖੇ ਹਨ ਤੇ ਉਨ੍ਹਾਂ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਵਾਬ ਮਿਲਦਿਆਂ ਹੀ ਇਸ ਕੇਸ ’ਚ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ।