ਚੰਡੀਗੜ੍ਹ, 20 ਮਈ
ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉੱਜਲ ਦੁਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ’ਤੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸੰਧਵਾਂ ਨੇ ਕੈਨੇਡੀਅਨ ਆਗੂ ਦੁਸਾਂਝ ਕੋਲ ਕੈਨੇਡਾ ’ਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸ਼ੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ’ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ ’ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ’ਚ ਮਦਦ ਕੀਤੀ ਜਾਵੇ। ਦੁਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ। ਉੱਜਲ ਦੁਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਯਤਨਸ਼ੀਲ ਹੈ। ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸੌਲਿਸਿਟਰ ਜਨਰਲ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀਬੀਐੱਸ ਢਿੱਲੋਂ ਵੀ ਮੌਜੂਦ ਸਨ।