ਨਵੀਂ ਦਿੱਲੀ, 24 ਮਾਰਚ
ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਸਰਕਾਰੀ ਬੰਗਲਾ 15 ਦਿਨਾਂ ਵਿੱਚ ਖਾਲੀ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ ਪੁੱਜ ਗਏ ਹਨ। ਦਿੱਲੀ ਹਾਈ ਕੋਰਟ ਨੇ ਯਾਦਵ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ 15 ਦਿਨ ਦੀ ਮੋਹਲਤ ਦਿੱਤੀ ਸੀ। ਹਾਈ ਕੋਰਟ ਨੇ ਉਦੋਂ ਕਿਹਾ ਸੀ ਕਿ ਸਾਲ 2017 ਵਿੱਚ ਯਾਦਵ ਨੂੰ ਰਾਜ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ, ਜਿਸ ਕਰਕੇ ਉਨ੍ਹਾਂ ਦੇ ਸਰਕਾਰੀ ਬੰਗਲੇ ਵਿੱਚ ਰਹਿਣ ਦਾ ਹੁਣ ਕੋਈ ਆਧਾਰ ਨਹੀਂ ਹੈ। ਯਾਦਵ ਨੇ ਸਿਖਰਲੀ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਹ ਇਸ ਬੰਗਲੇ ਵਿੱਚ 22 ਸਾਲ ਤੋਂ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਅਯੋਗ ਠਹਿਰਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਪਟੀਸ਼ਨ ਕੋਰਟ ਦੇ ਵਿਚਾਰਧੀਨ ਹੈ।