ਕੋਟਕਪੂਰਾ, 2 ਅਗਸਤ

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਿਆਨਬਾਜ਼ੀ ਦੀ ਤੁਲਨਾ ਸੂਕਲੀ ਬੱਚਿਆਂ ਦੀ ਭਾਸ਼ਾ ਨਾਲ ਕੀਤੀ ਹੈ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਮਿਲੀ ਜ਼ਿੰਮੇਵਾਰੀ ਸੰਜੀਦਗੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਅੱਜ ਇਹ ਗੱਲ ਮੁੱਖ ਮੰਤਰੀ ਵੱਲੋਂ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਬੰਧ ਵਿੱਚ ਦਿੱਤੇ ਬਿਆਨ ਦੇ ਜਵਾਬ ’ਚ ਆਖੀ ਹੈ। ਉਹ ਇੱਥੇ ਇੱਕ ਮੈਰਿਜ ਪੈਲੇਸ ’ਚ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ, ‘‘ਪਹਿਲਾਂ ਮੁੱਖ ਮੰਤਰੀ ਕਹਿੰਦੇ ਸਨ ਕਿ ਗਿਰਦਾਵਰੀਆਂ ਦੀ ਲੋੜ ਨਹੀਂ, ਉਹ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ ’ਤੇ ਪੈਸੇ ਪਾ ਦੇਣਗੇ ਪਰ ਹੁਣ ਕਹਿ ਰਹੇ ਹਨ ਕਿ 15 ਅਗਸਤ ਤੱਕ ਗਿਰਦਾਵਰੀਆਂ ਹੋਣਗੀਆਂ। ਮੁੱਖ ਮੰਤਰੀ ਨੂੰ ਇੱਕ ਗੱਲ ’ਤੇ ਕਾਇਮ ਰਹਿਣਾ ਚਾਹੀਦਾ ਹੈ।’’

ਫਿਰੋਜ਼ਪੁਰ (ਸੰਜੀਵ ਹਾਂਡਾ): ਸੁਨੀਲ ਜਾਖੜ ਨੇ ਪੰਜਾਬ ’ਚ ਆਏ ਹੜ੍ਹਾਂ ਲਈ ਇੱਕ ਵਾਰ ਫ਼ਿਰ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੰਗਲਵਾਰ ਨੂੰ ਫ਼ਿਰੋਜ਼ਪੁਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜੇਕਰ ਹੜ੍ਹਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਾਰੀ ਸਥਿਤੀ ਦਾ ਜਾਇਜ਼ਾ ਲੈ ਲੈਂਦੇ ਤਾਂ ਅੱਜ ਦੀ ਸਥਿਤੀ ਨੂੰ ਟਾਲਿਆ ਜਾ ਸਕਦਾ ਸੀ। ਫ਼ਿਰੋਜ਼ਪੁਰ ’ਚ ਬਣਨ ਜਾ ਰਹੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਬਾਰੇ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ ਰੱਦ ਹੋਇਆ ਹੈ, ਪਰ ਇਸਦਾ ਕੰਮ ਸ਼ੁਰੂ ਹੋ ਚੁੱਕਿਆ ਹੈ।