ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਦੀ ਮਦਦ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ। ਸ੍ਰੀ ਧਾਮੀ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਰਾਹਤ ਖਾਤਾ ਜਾਰੀ ਕੀਤਾ ਸੀ, ਜਿਸ ਵਿਚ ਸਹਿਯੋਗ ਭੇਜਣ ਦੀ ਅਪੀਲ ਸ਼੍ਰੋਮਣੀ ਕਮੇਟੀ ਨੇ ਹੀ ਕੀਤੀ ਹੈ। ਹਰ ਗੱਲ ਵਿਚ ਰਾਜਨੀਤੀ ਚੰਗੀ ਨਹੀਂ ਹੁੰਦੀ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਖਾਤੇ ਨੂੰ ਸੰਗਤ ਤਕ ਕੋਈ ਵੀ ਪਹੁੰਚਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਦੇ ਆਦੇਸ਼ ਕੀਤੇ ਹਨ। ਇਸੇ ਤਹਿਤ ਵੱਖ-ਵੱਖ ਥਾਵਾਂ ’ਤੇ 25 ਗੁਰਦੁਆਰਿਆਂ ਵਿਚ ਕੇਂਦਰ ਸਥਾਪਤ ਕਰਕੇ ਰਾਹਤ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਮੁਫ਼ਤ ਦਵਾਈਆਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਵੱਖ-ਵੱਖ ਥਾਵਾਂ ਤੋਂ ਜਿੱਥੇ ਹਰਾ ਚਾਰਾ ਭੇਜਿਆ ਜਾ ਰਿਹਾ ਹੈ ਉਥੇ ਹੀ ਚਾਰੇ ਲਈ ਅਚਾਰ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਖੁਦ ਹੜ੍ਹ ਪੀੜਤਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਜ਼ਰਸਾਨੀ ਕਰ ਰਹੇ ਹਨ।