ਐਸ.ਏ.ਐਸ. ਨਗਰ (ਮੁਹਾਲੀ), 31 ਅਗਸਤ
ਭਾਜਪਾ ਵੱਲੋਂ ਪਾਰਟੀ ’ਚ ਸ਼ਾਮਲ ਹੋ ਰਹੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਕਾ ਦਿੱਤਾ ਜਾ ਸਕਦਾ ਹੈ। ਇਹ ਸੰਕੇਤ ਅੱਜ ਮੁਹਾਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਗੱਲਬਾਤ ਦੌਰਾਨ ਦਿੱਤੇ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਵਿੱਚ ਨਤਮਸਤਕ ਹੋਏ ਅਤੇ ਉੱਥੇ ਕਾਫ਼ੀ ਸਮਾਂ ਬੈਠ ਕੇ ਸ਼ਬਦ ਕੀਰਤਨ ਸੁਣਿਆ। ਐੱਸਜੀਪੀਸੀ ਵੱਲੋਂ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਨੇ ਸਿਰੋਪਾ ਦੇ ਕੇ ਕੇਂਦਰੀ ਮੰਤਰੀ ਦਾ ਸਨਮਾਨ ਕੀਤਾ। ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਮੀਡੀਆ ਨਾਲ ਗੱਲਬਾਤ ਤੋਂ ਬਾਅਦ ਵਾਪਸ ਜਾਣ ਸਮੇਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਜੋੜਾ ਘਰ ਵੱਲ ਜਾ ਰਹੇ ਸਨ ਜਦੋਂ ਉਨ੍ਹਾਂ ਇਸ ਪੱਤਰਕਾਰ ਨਾਲ ਚੋਣਾਂ ਸਬੰਧੀ ਗੱਲ ਕੀਤੀ। ਆਗਾਮੀ ਲੋਕ ਸਭਾ ਚੋਣਾਂ ਬਾਰੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਟਿਕਟ ਦੇਣ ਜਾਂ ਭਾਜਪਾ ਦੇ ਪੁਰਾਣੇ ਵਰਕਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਪੁੱਛੇ ਜਾਣ ’ਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ ਕਿਉਂਕਿ ਹੁਣ ਉਹ ਵੀ ਭਾਜਪਾ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰਧਾਨ ਮੰਤਰੀ ਦੀਆਂ ਲੋਕ ਪੱਖੀ ਤੇ ਦੂਰਅੰਦੇਸ਼ੀ ਨੀਤੀਆਂ ਕਾਰਨ ਵਿਰੋਧੀ ਧਿਰ ਦੇ ਵੱਡੇ ਆਗੂ ਤੇ ਆਮ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਪੰਜਾਬ ਭਾਜਪਾ ਦੀ ਲੀਡਰਸ਼ਿਪ ਵਿੱਚ ਬਦਲਾਅ ਸਬੰਧੀ ਚੱਲ ਰਹੀ ਚਰਚਾ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਭਾਜਪਾ ਵਿੱਚ ਤੁਰੰਤ ਬਦਲਾਅ ਲਿਆਉਣ ਦਾ ਫਿਲਹਾਲ ਕੋਈ ਵਿਚਾਰ ਨਹੀਂ ਹੈ। ਉਂਜ ਉਨ੍ਹਾਂ ਕਿਹਾ ਕਿ ਜਥੇਬੰਦਕ ਢਾਂਚੇ ਵਿੱਚ ਬਦਲਾਅ ਦੀ ਪ੍ਰਕਿਰਿਆ ਪਾਰਟੀ ਦੀ ਪੁਰਾਣੀ ਪਰੰਪਰਾ ਹੈ। ਪੰਜਾਬ ਵਿੱਚ ਭਾਜਪਾ ਆਗੂਆਂ ਦੇ ਗੇੜੇ ਮਾਰਨ ਤੇ ਗੁਰਦੁਆਰਾ ਸਾਹਿਬ ਆਉਣ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਅਤੇ ਸਰਬੱਤ ਦਾ ਭਲਾ ਮੰਗਣ ਲਈ ਉਹ ਅੱਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।